ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਦੇ ਬਣਾਏ ਸ਼ੈਂਡਾਂ ਨੂੰ ਮਸ਼ੀਨਾਂ ਦੇ ਨਾਲ ਤਹਿਸ ਨਹਿਸ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਕਈ ਟਰੈਕਟਰਾਂ ਨੂੰ ਜ਼ਬਤ ਕਰ ਲਿਆ ਗਿਆ ਸੀ।
ਜਿਸ ਤੋਂ ਬਾਅਦ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਆਮ ਪਾਰਟੀ ਦਾ ਐਮ ਐਲਏ ਗੁਰਲਾਲ ਸਿੰਘ ਘਨੌਰ ਦੇ ਘਰੋਂ ਕਿਸਾਨਾਂ ਦੇ ਟਰੈਕਟਰ ਟਰਾਲੀਆਂ ਬਰਾਮਦ ਹੋਈਆਂ ਹਨ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਾਹਿਰਾ ਨੇ ਪੰਜਾਬ ਸਰਕਾਰ ਅਤੇ ਗੁਰਲਾਲ ਸਿੰਘ ਘਨੌਰ ’ਤੇ ਨਿਸ਼ਾਨਾ ਸਾਧਿਆ ਹੈ।
ਆਪਣੇ ਇੱਕ ਟਵੀਟ ਵਿੱਚ ਵੀਡੀਓ ਸ਼ਾਂਝੀ ਕਰਦਿਆਂ ਖਹਿਰਾ ਨੇ ਕਿਹਾ ਕਿ ਮੈਂ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਪੁਲਿਸ ਨੂੰ ਬੇਨਤੀ ਕਰਦਾ ਹਾਂ ਕਿ ਉਹ ਕਿਸਾਨ ਅੰਦੋਲਨ ਤੋਂ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਚੋਰੀ ਕਰਨ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਵਿਰੁੱਧ FIR ਦਰਜ ਕਰਨ।
ਖਹਿਰਾ ਨੇ ਕਿਹਾ ਕਿ ਮੈਂ ਉਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਵੀ ਅਪਰਾਧਿਕ ਕਾਰਵਾਈ ਦੀ ਮੰਗ ਕਰਦਾ ਹਾਂ ਜਿਨ੍ਹਾਂ ਨੇ ਅਸਥਾਈ ਵਿਰੋਧ ਪ੍ਰਦਰਸ਼ਨ ਦੇ ਢਾਂਚੇ ਨੂੰ ਢਾਹ ਦਿੱਤਾ ਅਤੇ ਕਿਸਾਨਾਂ ਦੇ ਬਹੁਤ ਸਾਰੇ ਉਪਕਰਣ ਚੋਰੀ ਕਰ ਲਏ। ਖਹਿਰਾ ਨੇ ਕਿਹਾ ਕਿ ਇਸ ਲਈ ਮੈਂ ਕਹਿੰਦਾ ਹਾਂ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਹੈ ਜਿੱਥੇ ਜੰਗਲ-ਰਾਜ ਹੈ।