ਨਵੀਂ ਦਿੱਲੀ, 10 ਦਸੰਬਰ 2021 – ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਇਸ ਸੰਬੰਧੀ ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੰਗਾਂ ਮੰਨਣ ਸੰਬੰਧੀ ਅਧਿਕਾਰਤ ਪੱਤਰ ਵੀ ਭੇਜ ਦਿੱਤਾ ਗਿਆ ਹੈ। ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਜਿੱਤ ਮਗਰੋਂ ਦਿੱਲੀ ਦੀਆਂ ਹੱਦਾਂ ਤੋਂ ਕਿਸਾਨ ਹੁਣ 11 ਦਸੰਬਰ ਨੂੰ ਵਾਪਸ ਘਰਾਂ ਵੱਲ ਨੂੰ ਕੂਚ ਕਰਨਗੇ। ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਸਹਿਮਤੀ ਪ੍ਰਗਟਾਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ 378 ਦਿਨਾਂ ਬਾਅਦ ਵੀਰਵਾਰ ਨੂੰ ਅੰਦੋਲਨ ਮੁਲਤਵੀ ਕੀਤਾ ਗਿਆ ਹੈ।
ਜਿਸ ਤੋਂ ਬਾਅਦ ਕਿਸਾਨਾਂ ਨੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਟੈਂਟ ਪੁੱਟਣੇ ਸ਼ੁਰੂ ਕਰ ਦਿੱਤੇ ਹਨ ਅਤੇ ਵਾਪਸੀ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਆਪਣੀਆਂ ਮੰਗਾਂ ਮਾਨਵਾ ਕੇ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਹੁਣ ਜਸ਼ਨ ਮਨਾ ਰਹੇ ਹਨ।
ਅੰਦੋਲਨ ਮੁਲਤਵੀ ਕਰਨ ਦੇ ਫੈਸਲੇ ਤੋਂ ਬਾਅਦ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੰਦੋਲਨ ਖ਼ਤਮ ਨਹੀਂ ਹੋਇਆ, ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ‘ਚੋਂ ਵੀ ਮੋਰਚੇ ਖਤਮ ਕੀਤੇ ਜਾ ਰਹੇ ਹਨ। ਰਾਜੇਵਾਲ ਨੇ ਕਿਹਾ ਕਿ ਸਾਂਝਾ ਕਿਸਾਨ ਮੋਰਚਾ ਬਰਕਰਾਰ ਰਹੇਗਾ।