ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਤਾਜ਼ਾ ਵਿਕਾਸ ਵਿੱਚ ਉਨ੍ਹਾਂ ਨੇ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਹੋ ਕੇ ਮਾਈਨਿੰਗ ਨਾਲ ਜੁੜੇ ਇਕ ਮਾਮਲੇ ਵਿੱਚ ਆਪਣਾ ਸਰੰਡਰ ਕਰ ਦਿੱਤਾ ਹੈ। ਇਹ ਕੇਸ ਥਾਣਾ ਜੁਲਕਾ ਵਿੱਚ ਦਰਜ ਕੀਤਾ ਗਿਆ ਸੀ, ਜਿਸ ਵਿੱਚ ਗੈਰਕਾਨੂੰਨੀ ਮਾਈਨਿੰਗ ਸਬੰਧੀ ਦੋਸ਼ ਲਗੇ ਹੋਏ ਹਨ।
ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਇਸ ਮਾਮਲੇ ਦੀ ਜਾਂਚ ਪਹਿਲਾਂ ਤੋਂ ਜਾਰੀ ਸੀ ਅਤੇ ਹੁਣ ਸਰੰਡਰ ਤੋਂ ਬਾਅਦ ਕਾਨੂੰਨੀ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਠਾਨਮਾਜਰਾ ਪਹਿਲਾਂ ਹੀ ਇਕ ਹੋਰ ਸੰਵੇਦਨਸ਼ੀਲ ਕੇਸ ਵਿੱਚ ਨਿਆਇਕ ਹਿਰਾਸਤ ‘ਚ ਹਨ, ਜਿਸ ਕਾਰਨ ਉਨ੍ਹਾਂ ਦੀਆਂ ਪਰੇਸ਼ਾਨੀਆਂ ਹੋਰ ਵੱਧ ਗਈਆਂ ਹਨ।
ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਮਾਈਨਿੰਗ ਕੇਸ ਵਿੱਚ ਇਸ ਵੇਲੇ ਰਿਮਾਂਡ ਨਹੀਂ ਲਿਆ ਗਿਆ, ਪਰ ਆਉਣ ਵਾਲੇ ਦਿਨਾਂ ਵਿੱਚ ਜਾਂਚ ਦੇ ਆਧਾਰ ‘ਤੇ ਰਿਮਾਂਡ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਗਲੇ ਕਦਮ ਜਲਦੀ ਚੁੱਕੇ ਜਾਣ ਦੀ ਸੰਭਾਵਨਾ ਹੈ।











