ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜ਼ਿੰਮੇਵਾਰੀਆਂ ਤੋਂ ਫਾਰਗ ਕੀਤਾ ਗਿਆ ਹੈ ਇਸ ਦਾ ਦਾਅਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੀਆਂ ਸੇਵਾਵਾਂ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਸਮਾਪਤ ਕਰ ਦਿੱਤੀਆਂ ਗਈਆਂ ਹਨ।
ਇਸ ਮੌਕੇ ਮੀਡੀਆ ਦੇ ਮੁਖਾਤਬ ਹੁੰਦਿਆ ਕਮੇਟੀ ਮੈਂਬਰ ਪੁੜੈਣ ਨੇ ਦੱਸਿਆ ਕਿ ਕਮੇਟੀ ਨੇ ਕਿਹਾ ਗਿਆਨੀ ਰਘਬੀਰ ਸਿੰਘ ਪੰਥ ਦੀਆਂ ਸੇਵਾਵਾਂ ਕਰਨ ਤੋਂ ਅਸਰਮਥ ਹਨ ਤੇ ਉਹ ਹੱਠ ਧਰਮੀ ਹਨ ਤੇ ਉਨ੍ਹਾਂ ਨੇ ਵਿਦੇਸ਼ ਜਾਣ ਲੱਗਿਆ ਵੀ ਜਾਣਕਾਰੀ ਨਹੀਂ ਦਿੱਤੀ। ਇਸ ਦੇ ਨਾਲ ਹੀ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਮਰਿਆਦਾ ਦੀ ਉਲੰਘਣਾ ਕੀਤੀ ਹੈ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਜ਼ਿੰਮੇਵਾਰੀ ਤੋਂ ਲਾਂਭੇ ਕਰ ਦਿੱਤਾ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਇਹ ਸਭ ਕਾਰਵਾਈ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਈ 2 ਦਸੰਬਰ ਵਾਲੀ ਕਾਰਵਾਈ ਤੋਂ ਬਾਅਦ ਕੀਤੀ ਗਈ ਹੈ।
ਇਸ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਗੇ। ਇਸ ਤੋਂ ਇਲਾਵਾ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੀ ਕੁਲਦੀਪ ਸਿੰਘ ਹੋਣਗੇ ਤੇ ਇਸ ਦੇ ਨਾਲ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰੀ ਦੀਆਂ ਜ਼ਿੰਮੇਵਾਰੀਆਂ ਸੰਤ ਬਾਬਾ ਟੇਕ ਸਿੰਘ ਨੂੰ ਦਿੱਤੀ ਗਈਆਂ ਹਨ। ਦੱਸ ਦਈਏ ਕਿ ਗਿਆਨੀ ਰਘਬੀਰ ਸਿੰਘ ਤੋਂ ਅਸਤੀਫਾ ਲੈਣ ਦੀਆਂ ਚਰਚਾਵਾਂ ਕੁਝ ਦਿਨ ਪਹਿਲਾਂ ਹੀ ਚੱਲ ਰਹੀਆਂ ਸਨ। ਬੀਤੇ ਦਿਨੀਂ ਜਦੋਂ ਜਦੋਂ ਜਥੇਦਾਰ ਰਘਬੀਰ ਸਿੰਘ ਤੋਂ ਅਸਤੀਫ਼ੇ ਬਾਰੇ ਪੁੱਛਿਆ ਗਿਆ ਸੀ ਤਾਂ ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਜਾਂਦਾ ਹੈ, ਤਾਂ ਉਹ ਇਸ ਲਈ ਪਹਿਲਾਂ ਹੀ ਤਿਆਰ ਹਨ। ਜੇ ਹਟਾਇਆ ਗਿਆ ਤਾਂ ਕੱਪੜੇ ਬੈਗ ਵਿੱਚ ਪੈਕ ਹਨ ਤੇ ਗੁਰੂਆਂ ਦੇ ਆਦੇਸ਼ ਦਾ ਪਾਲਣ ਕਰਾਂਗਾ












