ਨੌਕਰੀ ਦੇ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲਾਲੁ ਪਰਿਵਾਰ ਨੂੰ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ, ਪਤਨੀ ਰਾਬੜੀ ਦੇਵੀ ਅਤੇ ਬੇਟੀ ਮੀਸਾ ਭਾਰਤੀ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਤਿੰਨਾਂ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 29 ਮਾਰਚ ਨੂੰ ਹੋਵੇਗੀ।
ਲਾਲੂ ਨੂੰ ਵ੍ਹੀਲਚੇਅਰ ‘ਤੇ ਬਿਠਾ ਕੇ ਪਤਨੀ ਰਾਬੜੀ ਦੇਵੀ ਅਤੇ ਬੇਟੀ ਰਾਜ ਸਭਾ ਮੈਂਬਰ ਮੀਸਾ ਭਾਰਤੀ ਅਦਾਲਤ ਦੇ ਅੰਦਰ ਪਹੁੰਚੀਆਂ। ਇਸ ਦੌਰਾਨ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ।ਜ਼ਿਕਰਯੋਗ ਹੈ ਕਿ ਸਾਲ 2004 ਤੋਂ 2009 ਦੇ ਦੌਰਾਨ ਰੇਲ ਮੰਤਰੀ ਹੁੰਦਿਆਂ ਲਾਲੂ ਯਾਦਵ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ‘ਤੇ ਰੇਲਵੇ ‘ਚ ਨੌਕਰੀ ਦੇ ਬਦਲੇ ਲੋਕਾਂ ਤੋਂ ਜ਼ਮੀਨਾਂ ਲੈਣ ਦਾ ਦੋਸ਼ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਹਾਲ ਹੀ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਸੀਬੀਆਈ ਨੇ ਆਪਣੀ ਚਾਰਜਸ਼ੀਟ ਵਿੱਚ ਦੋਸ਼ ਲਾਇਆ ਹੈ ਕਿ ਰੇਲਵੇ ਦੇ ਗਰੁੱਪ-ਡੀ ਵਿੱਚ ਭਰਤੀ ਲਈ ਭਾਰਤੀ ਰੇਲਵੇ ਦੇ ਨਿਰਧਾਰਤ ਨਿਯਮਾਂ ਅਤੇ ਪ੍ਰਕਿਰਿਆਵਾਂ ਦੀ ਉਲੰਘਣਾ ਕਰਦੇ ਹੋਏ ਰੇਲਵੇ ਵਿੱਚ ਅਨਿਯਮਿਤ ਨਿਯੁਕਤੀਆਂ ਕੀਤੀਆਂ ਗਈਆਂ ਸਨ। ਨਾਲ ਹੀ, ਲਾਲੂ ਪਰਿਵਾਰ ਨੂੰ ਨੌਕਰੀਆਂ ਦੇਣ ਦੀ ਬਜਾਏ, ਜ਼ਮੀਨ ਤੋਹਫ਼ੇ ਵਿੱਚ ਦਿੱਤੀ ਗਈ ਜਾਂ ਘੱਟ ਕੀਮਤ ‘ਤੇ ਵੇਚ ਦਿੱਤੀ ਗਈ।












