ਚੰਡੀਗੜ੍ਹ: ਕਿਸਾਨ ਅੰਦੋਲਨ ਦਾ ਇਕ ਸਾਲ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਪੂਰਾ ਹੋਣ ਜਾ ਰਿਹਾ ਹੈ। ਜਿਸਦੇ ਚਲਦੇ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਨੂੰ ਸਰਹੱਦ ‘ਤੇ ਪਹੁੰਚਣ ਦਾ ਸੱਦਾ ਦਿੱਤਾ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ‘ਚ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਵੱਲ ਵਧਣ ਲੱਗੇ ਹਨ। ਸੂਬੇ ਦੀਆਂ ਵੱਖ ਵੱਖ ਥਾਂਵਾ ਤੋਂ ਕਿਸਾਨ ਸਿੰਘੂ ਤੇ ਟਿਕਰੀ ਬਾਰਡਰ ਪਹੁੰਚ ਰਹੇ ਹਨ।
ਕਿਸਾਨਾਂ ਦਾ ਇੱਕ ਜਥਾ ਅੰਮ੍ਰਿਤਸਰ ਦੇ ਬਿਆਸ ਤੋਂ ਦਿੱਲੀ ਲਈ ਰਵਾਨਾ ਹੋਇਆ। ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ। ਕਿਸਾਨ ਮੰਗ ਕਰ ਰਹੇ ਹਨ ਕਿ ਸੰਸਦ ਵਿੱਚ ਖੇਤੀ ਸਬੰਧੀ ਤਿੰਨ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਬਣਾਇਆ ਜਾਵੇ। ਐਸਕੇਐਮ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਸਦ ਵਿੱਚ ਬਿੱਲ ਪਾਸ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਪਿੱਛੇ ਹਟਣ ਵਾਲੇ ਨਹੀਂ ਹਨ। ਮੋਰਚਾ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੇ ਸਾਡੀ ਸਿਰਫ਼ ਇੱਕ ਮੰਗ ਹੀ ਮੰਨੀ ਹੈ ਅਤੇ ਸਾਡੀਆਂ ਬਾਕੀ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰਹੇਗਾ। ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਦਾ ਹੌਂਸਲਾ ਵਧਾਉਣ ਲਈ ਕਈ ਵੱਡੇ ਕਲਾਕਾਰ ਵੀ ਇੱਥੇ ਪਹੁੰਚਣਗੇ।