ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਇਲਾਕੇ ਵਿੱਚ ਅੱਤਵਾਦੀਆਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ ਹੈ। ਗੁਲਸ਼ਨ ਚੌਕ ‘ਚ ਹੋਏ ਇਸ ਹਮਲੇ ਵਿੱਚ ਦੋ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ। ਸ਼ਹੀਦ ਜਵਾਨਾਂ ਦਾ ਨਾਮ ਮੁਹੰਮਦ ਸੁਲਤਾਨ ਅਤੇ ਫਯਾਜ਼ ਅਹਿਮਦ ਹੈ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ।
ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਗੁਲਸ਼ਨ ਚੌਕ ‘ਚ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ ਸੀ। ਇਸ ਹਮਲੇ ‘ਚ ਦੋ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪਰ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।