ਲੁਧਿਆਣਾ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ (ਮੰਗਲਵਾਰ) ਲੁਧਿਆਣਾ ਦੌਰੇ ‘ਤੇ ਹਨ। ਇਸ ਦੌਰਾਨ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ‘ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਇਨਵੈਸਟਰ ਸਮਿਟ ‘ਚ ਵੀ ਘੋਟਾਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਲੋਂ ਜਿੰਨੇ ਨਿਵੇਸ਼ ਦਾ ਵਾਅਦਾ ਕੀਤਾ ਗਿਆ ਸੀ, ਉਨਾ ਨਹੀਂ ਹੋਇਆ ਹੈ। ਸਿੱਧੂ ਨੇ ਕਿਹਾ ਕਿ ਉਹ ਤਰਕਾਂ ਦੇ ਆਧਾਰ ’ਤੇ ਗੱਲ ਕਰਦੇ ਹਨ। ਉਨ੍ਹਾਂ ਕਿਹਾ ਉਨ੍ਹਾਂ ਦਾ ਪੰਜਾਬ ਮਾਡਲ ਹੀ ਲੋਕਾਂ ਵਿਚ ਵਿਸ਼ਵਾਸ ਪੈਦਾ ਕਰੇਗਾ।
ਸਿੱਧੂ ਨੇ ਕਿਹਾ ਹੁਣ ਸੁਖਬੀਰ ਬਾਦਲ ਵਪਾਰੀਆਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਪਰ ਉਹ ਸੱਤਾ ਵਿਚ ਰਹਿੰਦੇ ਸਮੇਂ ਵਪਾਰੀਆਂ ਅੰਦਰ ਭਰੋਸਾ ਪੈਦਾ ਨਹੀਂ ਕਰ ਸਕੇ ਹਨ ਜਿਸ ਕਾਰਨ ਪੰਜਾਬ ਵਿਚ ਨਿਵੇਸ਼ ਨਹੀਂ ਹੋਇਆ ਹੈ। ਇਸ ਤੋਂ ਅਲਾਵਾ ਉਨ੍ਹਾਂ ਨੇ ਕਾਂਗਰਸ ਦੀਆਂ ਖੂਬ ਤਰੀਫਾਂ ਕੀਤੀਆਂ। ਉਨ੍ਹਾਂ ਨੇ ਕਿਹਾ ਅਸੀਂ ਇਕ ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਵਾਅਦਾ ਕੀਤਾ, ਜਿਸ ’ਚੋਂ 52 ਫੀਸਦੀ ਕਮਰਸ਼ੀਅਲ ਪ੍ਰੋਡਕਟਵਿਟੀ ਸ਼ੁਰੂ ਹੋ ਗਈ ਹੈ। ਕਾਂਗਰਸ ਸਿੰਗਲ ਵਿੰਡੋ ਸਿਸਟਮ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਾਂਗਰਸ ਪੰਜਾਬ ਮਾਡਲ ’ਤੇ ਕੰਮ ਕਰ ਰਹੀ ਹੈ ਅਤੇ ਇਸ ਦੇ ਸਾਕਾਰਾਤਮਕ ਨਤੀਜੇ ਕੁਝ ਹੀ ਦਿਨਾਂ ਬਾਅਦ ਸਾਹਮਣੇ ਆਉਣ ਲੱਗਣਗੇ।