
ਸ਼੍ਰੀ ਮੁਕਤਸਰ ਸਾਹਿਬ, 4 ਦਸੰਬਰ 2021 – ਮੁਕਤਸਰ ਦੇ ਪਿੰਡ ਭੂੰਦੜ ‘ਚ ਬੇਅਦਬੀ ਦੇ ਕੇਸ ‘ਚ ਮੁਲਜ਼ਮ ਇੱਕ ਡੇਰਾ ਪ੍ਰੇਮੀ ਚਰਨਦਾਸ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਦਾ ਸ਼ਨੀਵਾਰ ਦੁਪਹਿਰ ਪਿੰਡ ਭੂੰਦੜ ਦੇ ਸ਼ਮਸ਼ਾਨਘਾਟ ਵਿਖੇ ਪੁਲਿਸ ਦੇ ਸਖ਼ਤ ਪਹਿਰੇ ਹੇਠ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਚਰਨਦਾਸ ਦੇ ਰਿਸ਼ਤੇਦਾਰ ਵੀ ਹਾਜ਼ਰ ਸਨ।
ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪਿੰਡ ਵਿੱਚ ਸੱਤ ਥਾਵਾਂ ’ਤੇ ਨਾਕਾਬੰਦੀ ਕਰਕੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਤਿਹਾਤ ਵਜੋਂ ਡੇਰਿਆਂ ਦੇ ਆਲੇ-ਦੁਆਲੇ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਸਨ। ਦੱਸ ਦੇਈਏ ਕਿ ਪਿੰਡ ਭੂੰਦੜ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਡੇਰਾ ਪ੍ਰੇਮੀ ਚਰਨਦਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਚਰਨਦਾਸ ‘ਤੇ ਅਪ੍ਰੈਲ 2018 ਵਿਚ ਪਿੰਡ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਵੀ ਦਰਜ ਹੈ। ਉਹ ਜ਼ਮਾਨਤ ‘ਤੇ ਬਾਹਰ ਸੀ। ਉਸ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਸੀ ਕਿਉਂਕਿ ਉਸ ਨੇ ਆਪਣੀ ਭਰਜਾਈ ਨਾਲ ਹੋਏ ਝਗੜੇ ਦੌਰਾਨ ਗ੍ਰੰਥੀ ਨੂੰ ਦੱਸੇ ਬਿਨਾਂ ਨੰਗੇ ਸਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣੇ ਸਿਰ ‘ਤੇ ਚੁੱਕ ਲਿਆ ਸੀ। ਉਸ ਦਾ ਸ਼ਨੀਵਾਰ ਸਵੇਰੇ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਪੋਸਟਮਾਰਟਮ ਕਰਵਾਇਆ ਗਿਆ। ਇਸ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਦੁਪਹਿਰ ਬਾਅਦ ਪਿੰਡ ਭੂੰਦੜ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।