ਚੰਡੀਗੜ੍ਹ, 3 ਦਸੰਬਰ 2021 – ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਅੱਜ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਰੱਖਣ ਦਾ ਐਲਾਨ ਕੀਤਾ। ਪੰਜਾਬ ਭਰ ਦੇ ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਾਰੇ ਪੰਜਾਬ ਦੇ ਬੱਸ ਸਟੈਂਡ ਬੰਦ ਰੱਖ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਹਰ ਵਾਰ ਸਾਨੂੰ ਲਾਰੇ ਲਾ ਕੇ ਤੌਰ ਦਿੱਤਾ ਜਾਂਦਾ ਹੈ ਅਤੇ ਸਾਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ।
ਬੱਸ ਸਟੈਂਡ ਬੰਦ ਹੋਣ ਕਾਰਨ ਮੁਸਾਫਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਯੂਨੀਅਨ ਨਾਲ ਮੀਟਿੰਗ ਦੌਰਾਨ ਭਰੋਸਾ ਦਿੱਤਾ ਸੀ ਕਿ ਕੈਬਨਿਟ ਮੀਟਿੰਗ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ, ਪਰ ਬੁੱਧਵਾਰ ਨੂੰ ਮੀਟਿੰਗ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਕੋਈ ਐਲਾਨ ਨਹੀਂ ਕੀਤਾ ਗਿਆ। ਇਸ ਸਮੇਂ ਪਨਬੱਸ ਅਤੇ ਪੀਆਰਟੀਸੀ ਵਿੱਚ ਸੱਤ ਹਜ਼ਾਰ ਤੋਂ ਵੱਧ ਠੇਕਾ ਮੁਲਾਜ਼ਮ ਹਨ, ਜੋ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ।