ਚੰਡੀਗੜ੍ਹ: ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਚੰਨੀ ਸਰਕਾਰ ਵਲੋਂ ਬੁੱਧਵਾਰ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸਦੇ ਤਹਿਤ 36000 ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ। ਇਸ ਕਾਨੂੰਨ ਮੁਤਾਬਕ 10 ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਬਿਨਾਂ ਕਿਸੇ ਬਰੇਕ ਦੇ ਸਰਕਾਰੀ ਵਿਭਾਗਾਂ ‘ਚ ਕੰਮ ਕਰ ਰਹੇ 36000 ਅਸਥਾਈ, ਐਡਹਾਕ, ਵਰਕ ਚਾਰਜਡ ਤੇ ਡਿਲੀਵਰੇਜ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਨ੍ਹਾਂ ਮੁਲਾਜ਼ਮਾਂ ਵਿੱਚ ਗਰੁੱਪ-ਸੀ ਤੇ ਗਰੁੱਪ-ਡੀ ਦੀਆਂ ਅਸਾਮੀਆਂ ’ਤੇ ਕੰਮ ਕਰਦੇ ਕੱਚੇ ਮੁਲਾਜ਼ਮ ਹਨ।
ਇਨ੍ਹਾਂ ‘ਚੋਂ ਗਰੁੱਪ-ਸੀ ਦੇ ਮੁਲਾਜ਼ਮਾਂ ਨੂੰ 5ਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 1900-3799 ਰੁਪਏ ਦੀ ਗਰੇਡ ਪੇਅ ’ਤੇ ਰੈਗੂਲਰ ਕੀਤਾ ਜਾਵੇਗਾ, ਜਿਸ ‘ਚ ਸਮੇਂ-ਸਮੇਂ ’ਤੇ ਸੋਧ ਕੀਤੀ ਜਾਵੇਗੀ, ਜਦਕਿ ਗਰੁੱਪ-ਡੀ ਦੇ ਮੁਲਾਜ਼ਮਾਂ ਨੂੰ 1900 ਕੁਰਏ ਚੋਂ ਘੱਟ ਗਰੇਡ ਪੇਅ ਨਾਲ ਰੈਗੂਲਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਂ ਰਾਖਵਾਂਕਰਨ ਨੀਤੀ ਦੀਆਂ ਵਿਵਸਥਾਵਾਂ ਨੂੰ ਵੀ ਲਾਗੂ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਉਕਤ ਫ਼ੈਸਲੇ ‘ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਰੈਗੂਲਰ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਮਿਲਣ ਵਾਲੇ ਲਾਭ, ਠੇਕਾ ਅਧਾਰ ‘ਤੇ ਨਿਯੁਕਤੀ ਦੀ ਮਿਤੀ ਤੋਂ ਲਾਗੂ ਨਹੀਂ ਹੋਣਗੇ। ਅਜਿਹੇ ਕਰਮਚਾਰੀ ਪੰਜਾਬ ਸਿਵਲ ਸੇਵਾਵਾਂ ਨਿਯਮ, 1994 ਵਿੱਚ ਦਰਸਾਏ ਗਏ ਨਿਯਮਤ ਹੋਣ ਦੀ ਮਿਤੀ ਤੋਂ ਅਜਿਹੇ ਸਮੇਂ ਲਈ ਪ੍ਰੋਬੇਸ਼ਨ ‘ਤੇ ਹੋਣਗੇ।