ਨਵੀਂ ਦਿੱਲੀ, 2 ਦਸੰਬਰ 2021 – ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਪਾਰਟੀ ਪ੍ਰਧਾਨ ਨਵਜੋਤ ਸਿੱਧੂ ਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੂੰ ‘ਮਿਸ਼ਨ ਪੰਜਾਬ-2022’ ਲਈ ਥਾਪੜਾ ਦਿੱਤਾ। ਰਾਹੁਲ ਗਾਂਧੀ ਨੇ ਚੰਨੀ ਤੇ ਸਿੱਧੂ ਦੋਵਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਕ ਟੀਮ ਵਜੋਂ ਕੰਮ ਕਰਨ ਅਤੇ ਰਾਹੁਲ ਗਾਂਧੀ ਨੇ ਸੀਨੀਅਰ ਲੀਡਰਾਂ ਨੂੰ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਵੀ ਹਦਾਇਤ ਕੀਤੀ ਹੈ।
ਰਾਹੁਲ ਗਾਂਧੀ ਨੇ ਮੀਟਿੰਗ ਵਿੱਚ ਆਪਸੀ ਤਕਰਾਰ ਤੇ ਗਿਲੇ-ਸ਼ਿਕਵੇ ਛੱਡ ਕੇ ਪਾਰਟੀ ਦੀ ਜਿੱਤ ਲਈ ਡਟਣ ਲਈ ਕਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਬਾਰੇ ਵੀ ਚਰਚਾ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਹਾਈ ਕਮਾਂਡ ਨੇ ਸਿੱਧੂ ਵੱਲੋਂ ਹਰ ਜ਼ਿਲ੍ਹਾ ਪ੍ਰਧਾਨ ਦੇ ਨਾਲ ਦੋ ਐਕਟਿੰਗ ਪ੍ਰਧਾਨ ਲਾਉਣ ਦੀ ਤਜਵੀਜ਼ ਲਈ ਸਹਿਮਤੀ ਦੇ ਦਿੱਤੀ ਹੈ। ਅਜਿਹੇ ਆਸਾਰ ਹਨ ਕਿ ਆਉਂਦੇ ਦਿਨਾਂ ਵਿਚ ਪੰਜਾਬ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਹੋ ਜਾਵੇਗੀ।
ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੱਧੂ ਵਿਰੋਧੀਆਂ ਨਾਲੋਂ ਵੱਧ ਆਪਣੀ ਹੀ ਸਰਕਾਰ ਨੂੰ ਘੇਰ ਰਹੇ ਹਨ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਸੋਸ਼ਲ ਮੀਡੀਆ ਉੱਪਰ ਆਪਣੀ ਪਾਰਟੀ ਤੇ ਸਰਕਾਰ ਬਾਰੇ ਗੰਭੀਰ ਸਵਾਲ ਉਠਾ ਰਹੇ ਹਨ। ਜਿਸ ਕਾਰਨ ਹੀ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਕ ਟੀਮ ਵਜੋਂ ਕੰਮ ਕਰਨ ਤੇ ‘ਮਿਸ਼ਨ ਪੰਜਾਬ-2022’ ਵੱਲ ਧਿਆਨ ਦੇਣ।