ਨਕੋਦਰ/ਸ਼ਾਹਕੋਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅਕਾਲੀ ਦਲ ਨੁੰ ਕਮਜ਼ੋਰ ਕਰਨਾ ਚਾਹੁੰਦੀ ਹੈ ਪਰ ਉਹ ਸਫਲ ਨਹੀਂ ਹੋਵੇਗੀ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਵੀ ਆਗੂਆਂ ਨੇ ਆਪਣੀ ਮਾਂ ਪਾਰਟੀ ਛੱਡੀ, ਉਹ ਹਮੇਸ਼ਾ ਲਈ ਸਿਆਸੀ ਤੌਰ ’ਤੇ ਖਤਮ ਹੋ ਗਏ। ਇਥੇ ਪਾਰਟੀ ਦੇ ਉਮੀਦਵਾਰਾਂ ਗੁਰਪ੍ਰਤਾਪ ਸਿੰਘ ਵਡਾਲਾ ਤੇ ਬਚਿੱਤਰ ਸਿੰਘ ਕੋਹਾੜ ਦੇ ਹੱਕ ਵਿਚ ਜਨਤਕ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਨੁੰ ਕਮਜ਼ੋਰ ਕਰਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਕਿਉਂਕਿ ਇਹ ਦੁਨੀਆਂ ਭਰ ਦੇ ਪੰਜਾਬੀਆਂ ਦੀ ਅਸਲ ਪ੍ਰਤੀਨਿਧਤ ਜਮਾਤ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਰਤ ਤੇ ਵਿਦੇਸ਼ਾਂ ਵਿਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਸਭ ਤੋਂ ਮੋਹਰੀ ਗੱਲ ਹੈ ਤੇ ਇਹ ਗੱਲ ਕਈਆਂ ਨੁੰ ਪਸੰਦ ਨਹੀਂ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਕਿ ਇਹ ਲੋਕ ਅਕਾਲੀ ਦਲ ਨੁੰ ਕਮਜ਼ੋਰ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਆਪਣੇ ਘਰ ਨੁੰ ਮਜ਼ਬੂਤ ਰੱਖੋ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਤੁਹਾਡੀ ਤਾਕਤ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਦਾ ਨਕੋਦਰ ਤੇ ਸ਼ਾਹਕੋਟ ਦੋਵਾਂ ਥਾਵਾਂ ’ਤੇ ਲੋਕਾਂ ਦੇ ਵੱਡੇ ਇਕੱਠਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਸਰਦਾਰ ਬਾਦਲ ਨੇ ਇਥੇ ਅਨੇਕਾਂ ਐਲਾਨ ਕੀਤੇ। ਲੋਕਾਂ ਦੀ ਅਪੀਲ ’ਤੇ ਉਹਨਾਂ ਨੇ ਐਲਾਨ ਕੀਤਾ ਕਿ ਜਿਹੜੇ ਨੀਲੇ ਕਾਰਡ ਕਾਂਗਰਸ ਸਰਕਾਰ ਨੇ ਕੱਟੇ ਹਨ, ਉਹ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਇਕ ਮਹੀਨੇ ਦੇ ਅੰਦਰ ਅੰਦਰ ਬਹਾਲ ਕੀਤੇ ਜਾਣਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਕਿਸਾਨਾਂ ਦੇ ਜ਼ਮੀਨ ਦੇ ਸਾਰੇ ਟੁਕੜਿਆਂ ਦੇ ਇੰਤਕਾਲ ਵੀ ਇਕ ਸਾਲ ਦੇ ਅੰਦਰ ਅੰਦਰ ਕੀਤੇ ਜਾਣਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹ ਪਹਿਲ ਦੇ ਆਧਾਰ ’ਤੇ ਦਿੱਤੇ ਜਾਣਗੇ।

ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਬਣਦਿਆਂ ਸਾਰ ਸਤਲੁਜ ਦਰਿਆ ’ਤੇ ਬੰਨ ਬਣਾਇਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਇਲਾਕੇ ਵਿਚ ਨਸ਼ੇ ਦੇ ਤਸਕਰਾਂ ਤੇ ਰੇਤ ਮਾਫੀਆ ਨੂੰ ਤੁਰੰਤ ਖਤਮ ਕੀਤਾ ਜਾਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਡਰਾਮੇਬਾਜ਼ੀ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਆਪਣੀ ਰਿਹਾਇਸ਼ ਦੇ ਬਾਹਰ ਰਾਤ 1 ਵਜੇ ਸੰਗਤ ਦਰਸ਼ ਕਰ ਕੇ ਡਰਾਮਾ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਚੰਨੀ ਸੰਜੀਦਾ ਹੁੰਦੇ ਤਾਂ ਫਿਰ ਨਕੋਦਰ ਦੇ ਚੀਮਾ ਕਲਾਂ ਪਿੰਡ ਦੀ ਇਕ ਮਹਿਲਾ ਨੂੰ ਉਸਦਾ ਜ਼ਮੀਨੀ ਝਗੜਾ ਖਤਮ ਕਰਨ ਵਿਚ ਮਦਦ ਲੈਣ ਵਾਸਤੇ ਪਹੁੰਚਣ ’ਤੇ ਚੰਨੀ ਵੱਲੋਂ ਮਿਲਣ ਤੋਂ ਇਨਕਾਰ ਕਰਨ ਮਗਰੋਂ ਖੁਦਕੁਸ਼ੀ ਨਾ ਕਰਨੀ ਪੈਂਦੀ। ਸਰਦਾਰ ਬਾਦਲ ਨੇ ਚੰਨੀ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਜਾਂ ਫਿਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿਚ ਕੀ ਕੀਤਾ ਹੈ । ਉਹਨਾਂ ਕਿਹਾ ਕਿ ਤੁਸੀਂ ਮੈਨੂੰ ਦੱਸੋ ਕਿ ਇਕ ਵੀ ਸਕੂਲ ਜਾਂ ਹਸਪਤਾਲ ਨਵਾਂ ਬਣਾਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਅਜਿਹੇ ਐਲਾਨਾਂ ਦੀ ਗੱਲ ਕਰਦੇ ਹਨ ਜੋ ਹਾਲੇ ਲਾਗੂ ਹੀ ਨਹੀਂ ਹੋਏ। ਉਹਨਾਂ ਕਿਹਾ ਕਿ ਕੁਝ ਕਰਨ ਦੀ ਥਾਂ ਸਰਕਾਰ ਨੇ ਪੈਨਸ਼ਨਾਂ ਖਤਮ ਕਰ ਦਿੱਤੀਆਂ, ਨੀਲੇ ਕਾਰਡ ਰੱਦ ਕਰ ਦਿੱਤੇ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਖਤਮ ਕਰ ਦਿੱਤੀ, ਸੇਵਾ ਕੇਂਦਰ ਬੰਦ ਕਰ ਦਿੱਤੇ ਪਿੰਡਾਂ ਵਿਚ ਨੌਜਵਾਨਾਂ ਲਈ ਜਿੰਮ ਪ੍ਰਦਾਨ ਵਰਗੀਆਂ ਸਕੀਮਾਂ ਵੀ ਬੰਦ ਕਰ ਦਿੱਤੀਆਂ।

ਸਰਦਾਰ ਬਾਦਲ ਨੇ ਅਕਾਲੀ ਦਲ ਤੇ ਬਸਪਾ ਗਠਜੋੜ ਦੇ 13 ਨੁਕਾਤੀ ਏਜੰਡੇ ਦੀ ਗੱਲ ਕਰਦਿਆਂ ਕਿਹਾ ਕਿ ਪਰਿਵਾਰਾਂ ਦੀ ਅਗਵਾਈ ਕਰ ਰਹੀਆਂ ਨੀਲਾ ਕਾਰਡ ਧਾਰਕ ਸਾਰੀਆਂ ਮਹਿਲਾਵਾਂ ਨੂੰ ਮਾਤਾ ਖੀਵੀ ਸਕੀਮ ਤਹਿਤ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਅਗਲੇਰੀ ਪੜ੍ਹਾਈ ਵਾਸਤੇ 10 ਲੱਖ ਰੁਪਏ ਦਾ ਸਟੂਡੈਂਟ ਲੋਨ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ Ç ਵਪਾਰੀਆਂ ਲਈ 10 ਲੱਖ ਰੁਪਏ ਦਾ ਜੀਵਨ, ਸਿਹਤ ਤੇ ਅਗਜ਼ਨੀ ਤੋਂ ਬਚਾਅ ਲਈ ਬੀਮਾ ਕੀਤਾ ਜਾਵੇਗਾ ਤੇ ਸੂਬੇ ਵਿਚ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਸਕੀਮ ਲਾਗੂ ਹੋਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਨੌਜਵਾਨ ਉਦਮੀਆਂ ਨੂੰ 5 ਲੱਖ ਰੁਪਏ ਦਾ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਦੋ ਰੈਲੀਆਂ ਵਿਚ ਪਹੁੰਚਣ ’ਤੇ ਪਾਰਟੀ ਪ੍ਰਧਾਨ ਦਾ ਮੋਟਰ ਸਾਈਕਲਾਂ ’ਤੇ ਸਵਾਰ ਨੌਜਵਾਨਾਂ ਨੇ ਨਿੱਘਾ ਸਵਾਗਤ ਕੀਤਾ।