ਹਲਕਾ ਕਰਤਾਰਪੁਰ ਦੇ ਪਿੰਡ ਪਚਰੰਗਾ ਨੇੜੇ ਅਕਾਲੀ ਦਲ ਬਾਦਲ ਦੇ ਉੱਪ ਪ੍ਰਧਾਨ ਗੁਰਦੀਪ ਸਿੰਘ ਲਾਹਦੜਾ ਵੱਲੋਂ ਆਯੋਜਿਤ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਐਲਾਨ ਕਰਦਿਆਂ ਕਰਤਾਰਪੁਰ ‘ਚ 10 ਵੱਡੇ ਸਕੂਲ ਖੋਲ੍ਹੇ ਜਾਣ ਦਾ ਵੀ ਐਲਾਨ ਕੀਤਾ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਮੇਤ ‘ਤੇ ਸ਼ਬਦੀ ਹਮਲੇ ਕੀਤੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਵੋਟਾਂ ਲੈਣ ਲਈ ਜੋ ਐਲਾਨ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਦਿੱਲੀ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਪਾਰਟੀ ‘ਤੇ ਹਮਲਾ ਕਰਦਿਆਂ ਕਿਹਾ ਕਿ ਪਿਛਲੇ ਪੌਣੇ ਪੰਜ ਸਾਲ ਦੇ ਸਮੇਂ ਦੌਰਾਨ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਕਦੇ ਵੀ ਆਮ ਲੋਕਾਂ ਵਿੱਚ ਨਹੀਂ ਵਿਚਰਿਆ। ਹੁਣ ਵੋਟਾਂ ਨੇੜੇ ਵੇਖ ਕੇ ਕਾਂਗਰਸ ਵੱਲੋਂ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕ ਵਿੱਚ ਕਰਨ ਲਈ ਧੜਾਧੜ ਐਲਾਨ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਅਮਲ ਕਿਸੇ ‘ਤੇ ਵੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ-ਬਸਪਾ ਦੀ ਸਰਕਾਰ ਬਣਨ ‘ਤੇ 25 ਹਜ਼ਾਰ ਦੀ ਆਬਾਦੀ ਵਾਲੇ ਹਰ ਇਲਾਕੇ ਵਿਚ ਇਕ ਵੱਡਾ ਸਰਕਾਰੀ ਸਕੂਲ ਖੋਲ੍ਹਿਆ ਜਾਵੇਗਾ, ਜਿਸ ਵਿੱਚ ਪੰਜ ਹਜ਼ਾਰ ਵਿਿਦਆਰਥੀਆਂ ਦੇ ਪੜ੍ਹਨ ਦੀ ਸਹੂਲਤ ਹੋਵੇਗੀ ਅਤੇ ਇਸ ਸਕੂਲ ਵਿੱਚ ਹੀ ਅਧਿਆਪਕਾਂ ਦੇ ਰਹਿਣ ਲਈ ਵੀ ਘਰ ਬਣਾਏ ਜਾਣਗੇ।
ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੇ ਕੋਲ ਇਕ ਵੀ ਬਿਜਲੀ ਦੀ ਮੋਟਰ ਦਾ ਕੁਨੈਕਸ਼ਨ ਨਹੀਂ ਹੈ, ਸਰਕਾਰ ਬਣਨ ਤੋਂ ਬਾਅਦ ਪਹਿਲੇ ਹਫ਼ਤੇ ਹੀ ਅਜਿਹੇ ਕਿਸਾਨਾਂ ਨੂੰ ਤੁਰੰਤ ਟਿਊਬਵੈੱਲਾਂ ਲਈ ਬਿਜਲੀ ਦੇ ਕੁਨੈਕਸ਼ਨ ਜਾਰੀ ਕੀਤੇ ਜਾਣਗੇ। ਪੰਜਾਬ ਦੇ ਨੀਲੇ ਕਾਰਡ ਧਾਰਕਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭਾਰੀ ਗਿਣਤੀ ਵਿਚ ਗਰੀਬਾਂ ਦੇ ਨੀਲੇ ਕਾਰਡ ਕੱਟ ਦਿੱਤੇ ਹਨ। ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਤੁਰੰਤ ਲੋਕਾਂ ਦੇ ਨਵੇਂ ਨੀਲੇ ਕਾਰਡ ਬਣਾ ਕੇ ਉਨ੍ਹਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ। ਨੀਲੇ ਕਾਰਡ ਧਾਰਕਾਂ ਨੂੰ ਦੱਸ ਲੱਖ ਤੱਕ ਦਾ ਸਿਹਤ ਬੀਮਾ ਮੁਫ਼ਤ ਦਿੱਤਾ ਜਾਵੇਗਾ, ਇਸ ਦੇ ਨਾਲ ਹੀ ਨੀਲੇ ਕਾਰਡ ਧਾਰਕ ਦੀ ਹਰ ਘਰ ਦੀ ਮਹਿਲਾ ਮੁਖੀ ਨੂੰ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਖ਼ਰਚ ਦੇ ਤੌਰ ‘ਤੇ ਵੀ ਦਿੱਤੇ ਜਾਣਗੇ। ਛੋਟੇ ਦੁਕਾਨਦਾਰਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਛੋਟੇ ਦੁਕਾਨਦਾਰ ਦਾ 10 ਲੱਖ ਦਾ ਸਿਹਤ ਬੀਮਾ, 10 ਲੱਖ ਦਾ ਜੀਵਨ ਬੀਮਾ ਅਤੇ 10 ਲੱਖ ਦਾ ਆਗਜ਼ਨੀ ਦਾ ਬੀਮਾ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਵੇਗਾ ਅਤੇ ਇਸ ਦਾ ਖ਼ਰਚ ਪੰਜਾਬ ਸਰਕਾਰ ਉਠਾਵੇਗੀ।