ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਫੈਸਲਾ ਲਿਆ ਹੈ। ਕਿਸਾਨਾਂ ਵੱਲੋਂ 29 ਨਵੰਬਰ ਨੂੰ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 29 ਨਵੰਬਰ ਨੂੰ ਸੰਸਦ ਵੱਲ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਮੋਰਚਾ 4 ਦਸੰਬਰ ਨੂੰ ਮੁੜ ਮੀਟਿੰਗ ਕਰੇਗਾ। ਕਿਸਾਨਾਂ ਦੇ ਘਰ ਜਾਣ ਦਾ ਫੈਸਲਾ 4 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।
ਕਿਸਾਨਾਂ ਵੱਲੋਂ ਸਰਕਾਰ ਨੂੰ 4 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਮੰਗਾਂ ਮੰਨੀਆਂ ਗਈਆਂ ਤਾਂ ਕਿਸਾਨ ਘਰ ਚਲੇ ਜਾਣਗੇ ਨਹੀਂ ਤਾਂ ਅੰਦੋਲਨ ਜਾਰੀ ਰਹੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰਾਂ ਤੇ ਰੇਲਵੇ ਨੂੰ ਧਰਨੇ ਦੌਰਾਨ ਕਿਸਾਨਾਂ ‘ਤੇ ਦਰਜ ਕੀਤੇ ਕੇਸ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ, ਧਰਨੇ ਦੌਰਾਨ ਕਿਸਾਨਾਂ ਦੀਆਂ ਮੌਤਾਂ ਤੇ ਲਖੀਮਪੁਰ ਹਿੰਸਾ ਦੇ ਮੁੱਦੇ ‘ਤੇ ਮੋਰਚੇ ਨਾਲ ਗੱਲਬਾਤ ਨਹੀਂ ਕਰਦੀ ਉਦੋਂ ਤਕ ਅੰਦੋਲਨ ਜਾਰੀ ਰਹੇਗਾ। ਸਰਕਾਰ ਨੇ ਹੁਣ ਤਕ ਜੋ ਵੀ ਐਲਾਨ ਕੀਤੇ ਹਨ, ਉਨ੍ਹਾਂ ਤੋਂ ਸੰਯੁਕਤ ਕਿਸਾਨ ਮੋਰਚਾ ਸੰਤੁਸ਼ਟ ਨਹੀਂ ਹੈ।