ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਸੈਸ਼ਨ ਦੇ ਪਹਿਲੇ ਦਿਨ ਹੀ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਪੇਸ਼ ਕਰੇਗੀ।ਸੰਸਦ ਦਾ ਇਹ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਚੱਲੇਗਾ ਲੋਕ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਅੱਜ ਦੋ ਨਵੇਂ ਮੈਂਬਰਾਂ ਨੂੰ ਸਹੁੰ ਚੁਕਾਉਣ ਅਤੇ ਅੱਠ ਮ੍ਰਿਤਕ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਇਕ ਘੰਟਾ ਪਹਿਲਾਂ ਮੀਟਿੰਗ ਕਰਨ ਦੀ ਯੋਜਨਾ ਵੀ ਬਣਾਈ ਹੈ।
ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਸੰਸਦ ਦਾ ਮਹੱਤਵਪੂਰਨ ਸੈਸ਼ਨ ਹੈ। ਦੇਸ਼ ਦੇ ਨਾਗਰਿਕ ਇੱਕ ਉਤਪਾਦਕ ਸੈਸ਼ਨ ਚਾਹੁੰਦੇ ਹਨ। ਉਹ ਵਧੀਆ ਭਵਿੱਖ ਲਈ ਉਹ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਹਰ ਵਿਸ਼ੇ ‘ਤੇ ਚਰਚਾ ਕਰਨ ਲਈ ਤਿਆਰ ਹੈ, ਖੁੱਲ੍ਹੀ ਗੱਲਬਾਤ ਲਈ ਤਿਆਰ ਹੈ। ਸਰਕਾਰ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ। ਅਸੀਂ ਚਾਹੁੰਦੇ ਹਾਂ ਕਿ ਸੰਸਦ ਵਿੱਚ ਸਵਾਲ ਵੀ ਹੋਣ ਅਤੇ ਸੰਸਦ ਵਿੱਚ ਸ਼ਾਂਤੀ ਵੀ ਹੋਵੇ। ਸੰਸਦ ਦੀ ਮਰਿਆਦਾ, ਸਪੀਕਰ ਦੀ ਮਰਿਆਦਾ ਦਾ ਧਿਆਨ ਰੱਖਿਆ ਜਾਵੇ। ਦੇਸ਼ ਦੇ ਵਿਕਾਸ ਲਈ ਨਵੇਂ ਰਸਤੇ ਖੁੱਲ੍ਹਣ ਅਤੇ ਦੇਸ਼ ਦੇ ਹਿੱਤ ’ਚ ਚਰਚਾਵਾਂ ਹੋਣ। ਹਾਲਾਂਕਿ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸੰਸਦ ਦੀ ਕਾਰਵਾਈ ਅੱਗੇ ਵਧਾਉਣਾ ਮਕਸਦ ਹੋਵੇ, ਨਾ ਕਿ ਰੁਕਾਵਟ ਪਾਉਣਾ।
ਵਿਰੋਧੀ ਧਿਰਾਂ ਕਿਸਾਨਾਂ, ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਸਾਰੀਆਂ ਵਿਰੋਧੀ ਪਾਰਟੀਆਂ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ‘ਤੇ ਚਰਚਾ ਦੀ ਮੰਗ ਚੁੱਕੀ ਹੈ।