ਚੰਡੀਗੜ੍ਹ, 4 ਦਸੰਬਰ 2021 – ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੀ ਮੀਟਿੰਗ ਕੀਤੀ। ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਹਰਿਆਣਾ ਸਰਕਾਰ ਨੇ ਕਿਸਾਨ ਆਗੂਆਂ ਨੂੰ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਸਮੇਤ ਹੋਰ ਮੰਗਾਂ ਸਬੰਧੀ ਗੱਲਬਾਤ ਲਈ ਬੁਲਾਇਆ ਸੀ।
ਚੰਡੀਗੜ੍ਹ ਵਿੱਚ ਸ਼ਾਮ 5 ਵਜੇ ਸ਼ੁਰੂ ਹੋਈ ਇਹ ਮੀਟਿੰਗ ਰਾਤ ਕਰੀਬ 9 ਵਜੇ ਸਮਾਪਤ ਹੋਈ। ਐਨੀ ਲੰਮੀ ਮੀਟਿੰਗ ਤੋਂ ਬਾਅਦ ਵੀ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਮੀਟਿੰਗ ਵਿੱਚ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਇੰਨੀ ਲੰਮੀ ਮੀਟਿੰਗ ਤੋਂ ਬਾਅਦ ਵੀ ਕੋਈ ਸਹਿਮਤੀ ਨਹੀਂ ਬਣ ਸਕੀ। ਸਰਕਾਰ ਨੇ ਨਾ ਤਾਂ ਨਰਮੀ ਦਿਖਾਈ ਅਤੇ ਨਾ ਹੀ ਗਰਮਜੋਸ਼ੀ।
ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਹੋਣ ਵਾਲੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਇਹ ਮੀਟਿੰਗ ਸਿੰਘੂ ਬਾਰਡਰ ‘ਤੇ ਹੋਵੇਗੀ ਅਤੇ ਇਸ ‘ਚ ਕਿਸਾਨ ਅੰਦੋਲਨ ਦੀ ਅਗਲੇਰੀ ਰਣਨੀਤੀ ਤੈਅ ਕੀਤੀ ਜਾਵੇਗੀ। ਹਰਿਆਣਾ ਦੇ ਕਿਸਾਨ ਇਸ ਮੀਟਿੰਗ ਦੇ ਸਾਰੇ ਨੁਕਤੇ ਸੰਯੁਕਤ ਕਿਸਾਨ ਮੋਰਚਾ ਦੇ ਸਾਹਮਣੇ ਰੱਖਣਗੇ। ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵੱਲੋਂ ਜੋ ਵੀ ਫੈਸਲਾ ਲਿਆ ਜਾਵੇਗਾ, ਆਉਣ ਵਾਲੇ ਦਿਨਾਂ ਵਿੱਚ ਉਸੇ ਫੈਸਲੇ ‘ਤੇ ਕੰਮ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਲਏ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਕੁੰਡਲੀ ਸਰਹੱਦ ’ਤੇ ਯਾਦਗਾਰ ਬਣਾਈ ਜਾਵੇ, ਇਹ ਸਾਡੀਆਂ ਮੰਗਾਂ ਹਨ।