ਜਲੰਧਰ : – ਪੰਜਾਬ ਦੀ ਆਮ ਆਦਮੀ ਸਰਕਾਰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਐਕਸ਼ਨ ਮੋਡ ਵਿੱਚ ਆ ਗਈ ਹੈ। ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੈਲਪਲਾਈਨ ਨੰਬਰ ਜਾਰੀ ਕਰਦਿਆਂ ਹੀ ਪਹਿਲੀ ਸ਼ਿਕਾਇਤ ਜਲੰਧਰ ਤੋਂ ਦਰਜ ਕਰਵਾਈ ਹੈ। ਵਿਜੀਲੈਂਸ ਨੇ ਸ਼ਿਕਾਇਤ ਸਿੱਧੀ ਮੁੱਖ ਮੰਤਰੀ ਨੂੰ ਭੇਜ ਦਿੱਤੀ ਅਤੇ ਮੁੱਖ ਮੰਤਰੀ ਨੇ ਸ਼ਿਕਾਇਤ ਦੇ ਆਧਾਰ ‘ਤੇ ਤੁਰੰਤ ਪ੍ਰਭਾਵ ਨਾਲ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਪਹਿਲਾ ਮਾਮਲਾ ਜਲੰਧਰ ਤਹਿਸੀਲ ਵਿੱਚ ਇੱਕ ਮਹਿਲਾ ਕਲਰਕ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਮਹਿਲਾ ਕਲਰਕ ਨੇ ਨੌਕਰੀ ਦਿਵਾਉਣ ਦੇ ਨਾਂ ‘ਤੇ ਇਕ ਵਿਅਕਤੀ ਨਾਲ 4.80 ਲੱਖ ਰੁਪਏ ਦੀ ਠੱਗੀ ਮਾਰੀ ਸੀ। ਪਿਛਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਵੀ ਠੱਗੀ ਦਾ ਸ਼ਿਕਾਰ ਹੋਏ ਇੱਕ ਵਿਅਕਤੀ ਨੇ ਠੱਗ ਮਹਿਲਾ ਕਲਰਕ ਵਿਰੁੱਧ ਕਈ ਸ਼ਿਕਾਇਤਾਂ ਕੀਤੀਆਂ ਸਨ। ਪਹੁੰਚ ਹੋਣ ਕਾਰਨ ਮਹਿਲਾ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਇਹ ਮਹਿਲਾ ਕਲਰਕ ਪੈਸੇ ਮੰਗਣ ‘ਤੇ ਪੀੜਤ ਨੂੰ ਧਮਕਾਉਂਦੀ ਸੀ।
ਹੁਣ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਔਰਤ ਖਿਲਾਫ ਕਾਰਵਾਈ ਕੀਤੀ ਗਈ ਹੈ। ਪੀੜਤ ਨੇ ਹੈਲਪਲਾਈਨ ਨੰਬਰ ਜਾਰੀ ਹੁੰਦੇ ਹੀ ਵਿਜੀਲੈਂਸ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਦੇ ਹੁਕਮਾਂ ’ਤੇ ਮਹਿਲਾ ਕਲਰਕ ਮੀਨੂੰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੀਨੂੰ ਖਿਲਾਫ ਧੋਖਾਧੜੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਦਾ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਮੁੱਖ ਮੰਤਰੀ ਦੇ ਹੁਕਮਾਂ ‘ਤੇ ਧੋਖਾਧੜੀ ਕਰਨ ਦੇ ਦੋਸ਼ ‘ਚ ਪੁਲਿਸ ਨੇ ਗ੍ਰਿਫ਼ਤਾਰ ਕੀਤੀ ਮਹਿਲਾ ਕਲਰਕ ਗਰਭਵਤੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ 35 ਸਾਲਾ ਮੀਨੂੰ ਦੀ ਗ੍ਰਿਫਤਾਰੀ ਤੋਂ ਬਾਅਦ ਗਰਭ ਅਵਸਥਾ ਦੇ ਮੱਦੇਨਜ਼ਰ ਉਸ ਨੂੰ ਥਾਣੇ ‘ਚ ਨਹੀਂ ਰੱਖਿਆ ਗਿਆ ਹੈ। ਉਸ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਸਿਵਲ ਹਸਪਤਾਲ ਜਲੰਧਰ ਵਿਖੇ ਰੱਖਿਆ ਗਿਆ ਹੈ। ਵਿਜੀਲੈਂਸ ਦੀ ਟੀਮ ਫਿਲਹਾਲ ਹਸਪਤਾਲ ਵਿੱਚ ਹੀ ਡਾਕਟਰਾਂ ਦੀ ਨਿਗਰਾਨੀ ਵਿੱਚ ਉਸ ਕੋਲੋਂ ਪੁੱਛਗਿੱਛ ਕਰੇਗੀ।
----------- Advertisement -----------
ਭ੍ਰਿਸ਼ਟਾਚਾਰੀਆਂ ‘ਤੇ ‘ਆਪ’ ਸਰਕਾਰ ਦੀ ਕਾਰਵਾਈ: ਨੌਕਰੀ ਦੇ ਨਾਂ ‘ਤੇ ਠੱਗੀ ਮਾਰਨ ਵਾਲੀ ਮਹਿਲਾ ਕਲਰਕ ਗ੍ਰਿਫਤਾਰ
Published on
----------- Advertisement -----------
----------- Advertisement -----------












