ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ ‘ਚ ਵਾਪਰੀ ਬੇਹੱਦ ਸ਼ਰਮਨਾਕ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਟਵੀਟ ਕੀਤਾ, “ਮਣੀਪੁਰ ਵਿੱਚ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ… ਸਾਡੇ ਸਮਾਜ ਵਿੱਚ ਇਸ ਤਰ੍ਹਾਂ ਦੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ… ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਇਸ ਘਿਨਾਉਣੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇ… ਨਾਲ ਹੀ ਮਨੀਪੁਰ ਵਿੱਚ ਦਿਨ-ਬ-ਦਿਨ ਵਿਗੜ ਰਹੇ ਹਾਲਾਤਾਂ ਵੱਲ ਵੀ ਧਿਆਨ ਦੇਣ ਦੀ ਲੋੜ ਹੈ।”

ਦੱਸ ਦਈਏ ਕਿ ਮਣੀਪੁਰ ‘ਚ ਭੀੜ ਨੇ ਦੋ ਔਰਤਾਂ ਨੂੰ ਸੜਕ ‘ਤੇ ਨਗਨ ਹਾਲਤ ‘ਚ ਘੁਮਾਇਆ। ਇਹ ਘਟਨਾ 4 ਮਈ ਨੂੰ ਰਾਜਧਾਨੀ ਇੰਫਾਲ ਤੋਂ ਕਰੀਬ 35 ਕਿਲੋਮੀਟਰ ਦੂਰ ਕੰਗਪੋਕਪੀ ਜ਼ਿਲ੍ਹੇ ਵਿੱਚ ਵਾਪਰੀ। ਇਸ ਦਾ ਵੀਡੀਓ ਬੁੱਧਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਜ਼ਿਕਰਯੋਗ ਹੈ ਕਿ ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੇ ਅੱਜ ਟਵੀਟ ਕੀਤਾ ਕਿ “ਵੀਡੀਓ ਸਾਹਮਣੇ ਆਉਣ ਤੋਂ ਤੁਰੰਤ ਬਾਅਦ, ਘਟਨਾ ਦਾ ਖੁਦ ਨੋਟਿਸ ਲੈਂਦਿਆਂ, ਮਣੀਪੁਰ ਪੁਲਿਸ ਹਰਕਤ ਵਿੱਚ ਆ ਗਈ ਅਤੇ ਅੱਜ ਸਵੇਰੇ ਪਹਿਲੀ ਗ੍ਰਿਫਤਾਰੀ ਕੀਤੀ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਮੌਤ ਦੀ ਸਜ਼ਾ ਦੀ ਸੰਭਾਵਨਾ ਸਮੇਤ ਸਾਰੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।”












