ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵੀ ਇਸ ਸਮੇਂ ਹਵਾ ਪ੍ਰਦੂਸ਼ਣ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇੱਥੇ AQI ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਕਈ ਖੇਤਰਾਂ ਵਿੱਚ AQI ਨੂੰ ‘ਗੰਭੀਰ’ ਸ਼੍ਰੇਣੀ ਵਿੱਚ ਦਰਜ ਕੀਤਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਇੱਥੋਂ ਦੇ ਮਾਹੌਲ ਵਿੱਚ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਰਿਹਾ ਹੈ। ਅਜਿਹੇ ‘ਚ ਲੋਕਾਂ ਨੂੰ ਸਰਕਾਰ ਵੱਲੋਂ ਵੀ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਆਪਣਾ ਬਣਦਾ ਯੋਗਦਾਨ ਪਾਉਣ। ਇੱਥੇ ਦੱਸ ਦੇਈਏ ਕਿ ਹਵਾ ਪ੍ਰਦੂਸ਼ਣ ਨੂੰ ਲੈ ਕੇ ਇਹ ਚਿੰਤਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਸਰਕਾਰ ਨੇ ਹੁਣ ਤੱਕ ਰਾਸ਼ਟਰੀ ਵਾਤਾਵਰਣ ਸੁਰੱਖਿਆ ਏਜੰਸੀ ਦਾ ਮੁਖੀ ਨਿਯੁਕਤ ਨਹੀਂ ਕੀਤਾ ਹੈ।
ਕਾਬੁਲ ਨਿਵਾਸੀਆਂ ਨੇ ਦੱਸਿਆ ਕਿ ਸ਼ਹਿਰ ਵਿੱਚ ਗੰਭੀਰ ਹਵਾ ਪ੍ਰਦੂਸ਼ਣ ਕਾਰਨ ਸਾਹ ਦੀਆਂ ਬਿਮਾਰੀਆਂ ਦੀਆਂ ਦਰਾਂ ਵੱਧ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਠੰਡ ਦੇ ਮੌਸਮ ‘ਚ ਹਵਾ ਪ੍ਰਦੂਸ਼ਣ ਕਾਫੀ ਵੱਧ ਜਾਂਦਾ ਹੈ ਕਿਉਂਕਿ ਲੋਕ ਜ਼ਿਆਦਾਤਰ ਸਸਤੇ ਈਂਧਨ ਦੀ ਵਰਤੋਂ ਕਰਦੇ ਹਨ। ਡਾਕਟਰ ਨੇ ਕਿਹਾ ਕਿ ਪ੍ਰਦੂਸ਼ਣ ਨਾਲ ਸਬੰਧਤ ਬਿਮਾਰੀਆਂ ਵੱਧ ਰਹੀਆਂ ਹਨ ਅਤੇ ਬਹੁਤ ਸਾਰੇ ਮਰੀਜ਼ ਇਲਾਜ ਲਈ ਹਸਪਤਾਲਾਂ ਵਿੱਚ ਆ ਰਹੇ ਹਨ। ਇਸ ਦੌਰਾਨ ਕਾਬੁਲ ਨਗਰਪਾਲਿਕਾ ਦੇ ਅਧਿਕਾਰੀਆਂ ਨੇ ਸਾਰੇ ਨਿਵਾਸੀਆਂ ਨੂੰ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।