ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਲਖਵਿੰਦਰ ਕੌਰ ਗਰਚਾ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਵਿੱਚ ਹੁਣ ਕੁਝ ਵੀ ਠੀਕ ਨਹੀਂ ਰਿਹਾ ਅਤੇ ਆਪਹੁਦਰੀਆਂ ਕਰਕੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਤਾਨਾਸ਼ਾਹੀ ਰਵੱਈਏ ਨਾਲ ਪਾਰਟੀ ਨੂੰ ਚਲਾਉਣ ਦਾ ਯਤਨ ਕਰ ਰਹੇ ਹਨ ਜਿਸ ਕਾਰਨ ਕਾਂਗਰਸ ਪਾਰਟੀ ਦਾ ਬੋਰੀਆ ਬਿਸਤਰਾ ਪੰਜਾਬ ਵਿੱਚੋਂ ਸਮੇਟਣਾ ਤੈਅ ਹੁੰਦਾ ਦਿਖਾਈ ਦੇ ਰਿਹਾ ਹੈ।
ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕਮਲਜੀਤ ਸਿੰਘ ਬੇਦੀ ਨੂੰ ਕਾਂਗਰਸ ਪਾਰਟੀ ਵਿੱਚੋਂ ਛੇ ਸਾਲ ਲਈ ਕੱਢੇ ਜਾਣ ਉਤੇ ਪ੍ਰਤੀਕਰਮ ਕਰਦਿਆਂ ਬੀਬੀ ਲਖਵਿੰਦਰ ਕੌਰ ਗਰਚਾ ਨੇ ਕਿਹਾ ਕਿ ਇਹ ਦੋਵੇਂ ਆਗੂ ਪੂਰੀ ਵਫ਼ਾਦਾਰੀ ਦੇ ਨਾਲ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਅਜਿਹੇ ਹੀ ਰਵੱਈਏ ਕਾਰਨ ਉਨ੍ਹਾਂ ਨੇ ਖੁਦ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਜੁਆਇਨ ਕੀਤੀ ਸੀ। ਉਨ੍ਹਾਂ ਕਿਹਾ ਕਿ ਇਕ ਤੋਂ ਬਾਅਦ ਇਕ ਪੰਜਾਬ ਕਾਂਗਰਸ ਦੇ ਆਗੂ ਅਤੇ ਵਰਕਰ ਪਾਰਟੀ ਛੱਡ ਕੇ ਹੋਰਨਾਂ ਪਾਰਟੀਆਂ ਵਿੱਚ ਜਾ ਰਹੇ ਹਨ ਤਾਂ ਇਸ ਦੇ ਪਿੱਛੇ ਦਾ ਕਾਰਨ ਸਹਿਜੇ ਹੀ ਪਤਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਮੌਜੂਦਾ ਕਾਬਜ਼ ਆਗੂ ਆਤਮ ਪੜਚੋਲ ਕਰਨ ਦੀ ਥਾਂ ਪਾਰਟੀ ਲਈ ਵਰ੍ਹਿਆਂਬੱਧੀ ਵਫਾਦਾਰੀ ਨਾਲ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਬਾਹਰ ਦਾ ਰਸਤਾ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਜਦੋਂ ਪਹਿਲਾਂ ਹੀ ਕਾਂਗਰਸ ਪਾਰਟੀ ਪੰਜਾਬ ਵਿੱਚ ਹਾਸ਼ੀਏ ਤੇ ਚਲੀ ਗਈ ਹੈ ਤਾਂ ਆਉਂਦੇ ਸਮੇਂ ਵਿੱਚ ਇਸ ਦਾ ਕੀ ਬਣੇਗਾ ਇਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਆਪਣੇ ਵਰਕਰਾਂ ਅਤੇ ਆਗੂਆਂ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਭਾਜਪਾ ਵਿਚ ਪੂਰੀ ਪਾਰਦਰਸ਼ਤਾ ਨਾਲ ਕੰਮ ਹੁੰਦਾ ਹੈ ਜਿਸ ਕਾਰਨ ਹਰ ਵਰਗ ਅਤੇ ਪਾਰਟੀਆਂ ਦੇ ਲੋਕ ਭਾਰਤੀ ਜਨਤਾ ਪਾਰਟੀ ਨਾਲ ਜੁੜਦੇ ਜਾ ਰਹੇ ਹਨ।












