ਗੁਰਦੁਆਰਾ ਸਾਹਿਬ ‘ਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ ਜਿਸ ‘ਚ ਨਿਸ਼ਾਨ ਸਾਹਿਬ ਦੀ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਕੇਸਰੀ ਨਿਸ਼ਾਨ ਸਾਹਿਬ ਹਟਾ ਕੇ ਬਸੰਤੀ ਰੰਗ ਦੀ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਸਰਕੂਲਰ ਜਾਰੀ ਕੀਤਾ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ।

ਇਹ ਵੀ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਸੰਤੀ ਤੇ ਸੁਰਮਈ ਹੈ। ਕੇਸਰੀ ਨਿਸ਼ਾਨ ਸਾਹਿਬ ਭਗਵੇ ਰੰਗ ਦਾ ਭੁਲੇਖਾ ਪਾਉਂਦਾ ਹੈ, ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਪੁੱਜੀ ਸੀ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਅਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂੰ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ












