ਚੰਡੀਗੜ੍ਹ, 6 ਸਤੰਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੁਪਰੀਮ ਕੋਰਟ ਚ ਸਤਲੁਜ-ਯਮਨਾ ਲਿੰਕ ਨਹਿਰ ਦੇ ਮੁੱਦੇ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਨੂੰ ਲੈ ਕੇ ਨੀਅਤ ਤੇ ਖ਼ਦਸ਼ਾ ਜ਼ਾਹਿਰ ਕੀਤਾ ਹੈ, ਕਿਉਂਕਿ ਹਰਿਆਣਾ ਵਿਧਾਨ ਸਭਾ ਚੋਣਾਂ ਪੰਜਾਬ ਦੀਆ ਚੋਣਾਂ ਤੋਂ ਬਹੁਤ ਪਹਿਲਾਂ ਹੋਣਗੀਆਂ ਅਤੇ ਅਰਵਿੰਦ ਕੇਜਰੀਵਾਲ ਵੀ ਹਰਿਆਣਾ ਨਾਲ ਹੀ ਸਬੰਧਤ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਸਾਨੂੰ ਡਰ ਹੈ ਕਿ ਪਿਛਲੀਆਂ ਕਾਂਗਰਸ ਸਰਕਾਰਾਂ ਵੱਲੋਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕੀਤੀਆਂ ਗਈਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਨਾ ਹੋ ਜਾਣ, ਕਿਉਂਕਿ ‘ਆਪ’ ਸਰਕਾਰ ਸੁਪਰੀਮ ਕੋਰਟ ਵਿੱਚ ਸਖ਼ਤ ਸਟੈਂਡ ਲੈਣ ਤੋਂ ਝਿਜਕ ਰਹੀ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਖਦਸ਼ੇ ਨੂੰ ‘ਆਪ’ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਵੱਲੋਂ ਅਪ੍ਰੈਲ ‘ਚ ਦਿੱਤੇ ਗਏ ਉਸ ਬਿਆਨ ਤੋਂ ਹੋਰ ਬਲ ਮਿਲਿਆ ਹੈ, ਜਦੋਂ ਉਨ੍ਹਾਂ ਕਿਹਾ ਸੀ ਕਿ 2025 ਤੋਂ ਐੱਸ.ਵਾਈ.ਐੱਲ ਦਾ ਪਾਣੀ ਹਰਿਆਣਾ ‘ਚ ਵਗੇਗਾ, ਜਿਸ ‘ਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਇੱਥੇ ਆਪ ਸਰਕਾਰ ਬਣਾਵੇਗੀ। ਗੁਪਤਾ ਨੇ ਕਿਹਾ ਸੀ ਕਿ ਇਹ ਉਨ੍ਹਾਂ ਦਾ ਵਾਅਦਾ ਨਹੀਂ, ਸਗੋਂ ਗਾਰੰਟੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਹਰਿਆਣਾ ਦੇ ਵੋਟਰਾਂ ਨੂੰ ਲੁਭਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਚੋਣਾਂ ਤੋਂ ਤਿੰਨ ਸਾਲ ਪਹਿਲਾਂ 2024 ਵਿੱਚ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ‘ਆਪ’ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਤੋਂ ਪਿੱਛੇ ਨਹੀਂ ਹਟੇਗੀ। ਇਸ ਤੋਂ ਇਲਾਵਾ ਸਾਨੂੰ ਇਹ ਵੀ ਨਹੀਂ ਭੁੱਲਣਾ ਚਾਹੀਦਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਹਰਿਆਣਾ ਦੇ ਭਿਵਾਨੀ ਨਾਲ ਸਬੰਧਤ ਹਨ।
ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਪਸ਼ਟ ਕਰਨ ਕਿ ਪੰਜਾਬ ਦੇ ਪਾਣੀ ਨੂੰ ਹਰਿਆਣਾ ਤੋਂ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ ਕੀ ਕੀਤਾ ਹੈ ਅਤੇ ਉਹ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਭਵਿੱਖ ਵਿੱਚ ਕੀ ਕਦਮ ਚੁੱਕਣ ਜਾ ਰਹੀ ਹੈ, ਕਿਉਂਕਿ ਅਦਾਲਤ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਇਸ ਮੁੱਦੇ ਨੂੰ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਗੱਲਬਾਤ ਕਰਨ ਲਈ ਕਿਹਾ ਹੈ।
----------- Advertisement -----------
ਪੰਜਾਬ ਕਾਂਗਰਸ ਨੇ ਐਸਵਾਈਐਲ ਨੂੰ ਲੈ ਕੇ ‘ਆਪ’ ਦੀ ਨੀਅਤ ‘ਤੇ ਖਦਸ਼ਾ ਪ੍ਰਗਟਾਇਆ
Published on
----------- Advertisement -----------
----------- Advertisement -----------












