ਚੰਡੀਗੜ੍ਹ : ਲੁਧਿਆਣਾ ਬੰਬ ਧਮਾਕੇ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਨੇ ਵੱਡੇ ਖੁਲਾਸੇ ਕੀਤੇ ਹਨ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਮ੍ਰਿਤਕ ਦੀ ਪਛਾਣ ਗਗਨਦੀਪ ਗੱਗੀ ਦੇ ਤੌਰ ‘ਤੇ ਹੋਈ ਹੈ, ਜੋ ਕਿ ਪੰਜਾਬ ਪੁਲਸ ਦਾ ਮੁਅੱਤਲ ਮੁਲਾਜ਼ਮ ਸੀ। ਬੰਬ ਲਗਾਉਂਦੇ ਸਮੇਂ ਗਗਨਦੀਪ ਮਾਰਿਆ ਗਿਆ ਸੀ। ਪੰਜਾਬ ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਨੇ 24 ਘੰਟਿਆਂ ਅੰਦਰ ਇਹ ਕੇਸ ਟਰੇਸ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੈਰੋਇਨ ਸਮੇਤ ਫੜ੍ਹਿਆ ਗਿਆ ਸੀ ਅਤੇ 2 ਸਾਲ ਜੇਲ੍ਹ ‘ਚ ਰਹਿਣ ਤੋਂ ਬਾਅਦ ਬਾਹਰ ਆਇਆ ਸੀ। ਉਸਦੇ ਪੰਜਾਬ ਦੀਆਂ ਜੇਲ੍ਹਾਂ, ਖ਼ਾਲਿਸਤਾਨ ਅਤੇ ਮਾਫ਼ੀਆ ਨਾਲ ਸੰਪਰਕ ਸਾਹਮਣੇ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ‘ਤੇ ਵੀ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਬਾਰੇ ਬੋਲਦਿਆਂ ਕਿਹਾ ਪੁਲਸ ਵੱਲੋਂ ਇਸ ਦੇ ਲਈ ਸਪੈਸ਼ਲ ਟੀਮ ਬਣਾਈ ਗਈ ਹੈ। ਕਪੂਰਥਲਾ ਘਟਨਾ ਬਾਰੇ ਡੀ. ਜੀ. ਪੀ. ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਪਤਾ ਲੱਗਿਆ ਕਿ ਇੱਥੇ ਬੇਅਦਬੀ ਦੀ ਕੋਈ ਘਟਨਾ ਨਹੀਂ ਹੋਈ, ਸਗੋਂ ਚੋਰੀ ਕਰਨ ਦੀ ਨੀਅਤ ਨਾਲ ਮਾਰਿਆ ਗਿਆ ਸ਼ਖ਼ਸ ਅੰਦਰ ਗਿਆ ਸੀ।
ਉਨ੍ਹਾਂ ਨੇ ਸੂਬੇ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਜਨਤਾ ਦਾ ਪੂਰਾ ਸਹਿਯੋਗ ਚਾਹੀਦਾ ਹੈ ਤਾਂ ਹੀ ਅਜਿਹੀਆਂ ਵਾਰਦਾਤਾਂ ‘ਤੇ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਗਤੀਵਿਧੀ ਦਿਖਦੀ ਹੈ ਤਾਂ ਲੋਕਾਂ ਨੂੰ ਤੁਰੰਤ ਪੁਲਿਸ ਨੂੰ ਸੂਚਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਗੁੰਮਰਾਹ ਹੋ ਰਹੇ ਹਨ, ਜਿਨ੍ਹਾਂ ਨੂੰ ਅਸੀਂ ਬਚਾਉਣਾ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਤੋਂ ਸੋਹਣੀ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਪਰਾਧ ਨੂੰ ਬਖ਼ਸ਼ਿਆ ਨਹੀਂ ਜਾਵੇਗਾ।




