ਦਿੱਲੀ ਸਰਹੱਦ ‘ਤੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਯਾਦ ‘ਚ ਸੰਗਰੂਰ ‘ਚ ਸ਼ਹੀਦ ਕਿਸਾਨ ਯਾਦਗਾਰ ਬਣਾਈ ਗਈ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਕੀਤਾ। ਇਸ ਯਾਦਗਾਰ ਨੂੰ ‘ਯਾਦਗਾਰ-ਏ-ਸ਼ਹੀਦਾਂ’ ਦਾ ਨਾਂ ਦਿੱਤਾ ਗਿਆ ਹੈ।

ਇਸ ਯਾਦਗਾਰ ’ਤੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਉਨ੍ਹਾਂ ਸਾਰੇ ਕਿਸਾਨਾਂ ਦੇ ਨਾਂ ਲਿਖੇ ਹੋਏ ਹਨ, ਜੋ ਦਿੱਲੀ ਸਰਹੱਦ ’ਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਸਨ। ਸਿੰਗਲਾ ਨੇ ਕਿਹਾ ਕਿ ਦੇਸ਼ ਭਰ ਵਿੱਚ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲਿਆਂ ਦੀ ਯਾਦ ਵਿੱਚ ਇਹ ਪਹਿਲੀ ਯਾਦਗਾਰ ਹੈ।ਯਾਦਗਾਰ ਦਾ ਉਦਘਾਟਨ ਕਰਦਿਆਂ ਮੰਤਰੀ ਸਿੰਗਲਾ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਹਰ ਵਰਗ ਦੇ ਲੋਕਾਂ ਨੇ ਹਿੱਸਾ ਲਿਆ। ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ-ਨਾਲ ਦੁਕਾਨਦਾਰ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋਏ। ਇਹ ਲਹਿਰ ਸੱਚੀ ਪੰਜਾਬੀਅਤ ਦੀ ਤਰਜਮਾਨੀ ਕਰਦੀ ਹੈ, ਜਿੱਥੇ ਲੋਕ ਬਿਨਾਂ ਕਿਸੇ ਮਨੋਰਥ ਦੇ ਇੱਕ ਦੂਜੇ ਨਾਲ ਜੁੜਦੇ ਹਨ। ਸਿੰਗਲਾ ਨੇ ਕਿਹਾ ਕਿ ਉਹ ਪੰਜਾਬੀ ਹਨ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਪੰਜਾਬੀਆਂ ਨੇ ਪੂਰੇ ਦੇਸ਼ ਦੀ ਅਗਵਾਈ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਵਿਰੁੱਧ ਸਾਰਿਆਂ ਨੂੰ ਲਾਮਬੰਦ ਕੀਤਾ।