ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਂਦਿਆਂ ਹੀ ਕਾਂਗਰਸ ਵਿੱਚ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਬਗ਼ਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਆਲ ਇੰਡੀਆ ਯੂਥ ਕਾਂਗਰਸ ਦੇ ਸਾਬਕਾ ਜਰਨਲ ਸੈਕਟਰੀ ਮਿਲਕਫੈੱਡ ਪੰਜਾਬ ਦੇ ਡਾਇਰੈਕਟਰ ਅਤੇ ਮਿਲਕ ਪਲਾਂਟ ਫਿਰੋਜ਼ਪੁਰ ਦੇ ਚੇਅਰਮੈਨ ਗੁਰਭੇਜ ਸਿੰਘ ਟਿੱਬੀ ਨੇ ਫਿਰੋਜ਼ਪੁਰ ਵਿੱਚ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਪਾਰਟੀ ਹਾਈ ਕਮਾਨ ਵੱਲੋਂ ਲੈ ਕੇ ਬਾਹਰ ਦਾ ਰਸਤਾ ਦਿਖਾ ਦੇਣਾ ਚਾਹੀਦਾ ਹੈ। ਗੁਰਭੇਜ ਟਿੱਬੀ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਪਾਰਟੀ ਅਤੇ ਸਰਕਾਰ ਵਿਰੋਧੀ ਬਿਆਨਬਾਜ਼ੀ ਅਤੇ ਟਿਕਟਾਂ ਦੀ ਗ਼ਲਤ ਵੰਡ ਨੂੰ ਲੈ ਕੇ ਪਾਰਟੀ ਨੂੰ ਮਿਲੀ ਏਨੀ ਬੁਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਾਰਟੀ ਹਾਈ ਕਮਾਨ ਨੂੰ ਚਾਹੀਦਾ ਹੈ ਕਿ ਪਾਰਟੀ ਅੰਦਰ ਵੀਆਈਪੀ ਕਲਚਰ ਅਤੇ ਸੈਲੀਬਰਿਟੀ ਕਲਚਰ ਖ਼ਤਮ ਕੀਤਾ ਜਾਵੇ ਅਤੇ ਜ਼ਮੀਨ ਤੇ ਕੰਮ ਕਰ ਰਹੇ ਵਰਕਰਾਂ ਨੂੰ ਤਰਜੀਹ ਦਿੱਤੀ ਜਾਵੇ ਨਾ ਕਿ ਕੁਝ ਦਿਨ ਪਹਿਲਾਂ ਆਇਆ ਨੂੰ ਟਿਕਟਾਂ ਦੇ ਕੇ ਚੋਣਾਂ ਲੜਾਈਆਂ ਜਾਣ ਅਤੇ ਜਦੋਂ ਹਾਰ ਜਾਣ ਤਾਂ ਉਹ ਵਾਪਸ ਆਪਣਾ ਚਿਹਰਾ ਵੀ ਨਾ ਵਿਖਾਉਣ।
ਗੁਰਭੇਜ ਟਿੱਬੀ ਨੇ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਗਿੱਦੜਬਾਹਾ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੀਡਰ ਆਫ ਆਪੋਜਿਸ਼ਨ ਬਣਾਇਆ ਜਾਵੇ। ਜਿਸ ਨਾਲ ਪੰਜਾਬ ਦੇ ਮੁੱਦਿਆਂ ਦੀ ਆਵਾਜ਼ ਵਧੀਆ ਤਰੀਕੇ ਨਾਲ ਚੁੱਕੀ ਜਾ ਸਕੇ ਅਤੇ ਪੁਰਾਣੇ ਅਤੇ ਅਣਥੱਕ ਕਾਂਗਰਸੀ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਜਾਵੇ ਤਾਂ ਕਿ ਪਾਰਟੀ ਨੂੰ ਮਜ਼ਬੂਤ ਕਰਕੇ ਫਿਰ ਤੋਂ ਖੜ੍ਹਾ ਕੀਤਾ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਕਾਰਜਕਾਲ ਦੇ ਦੌਰਾਨ ਨਵਜੋਤ ਸਿੰਘ ਸਿੱਧੂ ਪਾਰਟੀ ਵਰਕਰਾਂ ਨੂੰ ਮਿਲੇ ਤੱਕ ਵੀ ਨਹੀਂ ਅਤੇ ਨਾ ਹੀ ਕਿਸੇ ਦਾ ਫੋਨ ਚੁੱਕਦੇ ਸੀ ਜਿਸ ਕਾਰਨ ਵਰਕਰਾਂ ਵਿੱਚ ਵੀ ਨਿਰਾਸ਼ਾ ਰਹੀ ਅਤੇ ਇਸੇ ਦਾ ਨਤੀਜਾ ਰਿਹਾ ਕਿ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।












