ਅੰਮਿਤਸਰ : – ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜਲਦ ਹੀ ਸੂਬੇ ਵਿੱਚ ਚੱਲ ਰਹੀਆਂ ਗੈਰ-ਕਾਨੂੰਨੀ ਬੱਸਾਂ ਨੂੰ ਜ਼ਬਤ ਕਰ ਲਿਆ ਜਾਵੇਗਾ, ਚਾਹੇ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਹੋਣ। ਲਾਲਜੀਤ ਸਿੰਘ ਬੁੱਧਵਾਰ ਨੂੰ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪੁੱਜੇ ਸਨ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਟਰਾਂਸਪੋਰਟ ਮਾਫੀਆ ਦਾ ਖਾਤਮਾ ਕੀਤਾ ਜਾਵੇਗਾ। ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਜਿਨ੍ਹਾਂ ਦਾ ਵੱਡਾ ਜਨ ਆਧਾਰ ਹੈ, ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਖਜ਼ਾਨੇ ਦੀ ਆਮਦਨ ਦਾ ਸਾਧਨ ਬਣ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਅਦਾਰਿਆਂ ਨਾਲ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ, ਸੂਬੇ ਦੇ ਮਾਲੀਏ ਵਿੱਚ ਯੋਗਦਾਨ ਪਾਉਣ ਅਤੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਭੁੱਲਰ ਨੇ ਕਿਹਾ ਕਿ ਕੱਲ੍ਹ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਅੱਜ ਸ੍ਰੀ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਗੈਰ-ਕਾਨੂੰਨੀ ਢੰਗ ਨਾਲ ਚੱਲਣ ਵਾਲੀਆਂ ਬੱਸਾਂ, ਚਾਹੇ ਕਿਸੇ ਵੀ ਸਿਆਸੀ ਪਾਰਟੀ ਦੀ ਹੋਵੇ, ਜ਼ਬਤ ਕਰ ਲਈਆਂ ਜਾਣਗੀਆਂ।
ਸ੍ਰੀ ਦਰਬਾਰ ਸਾਹਿਬ ਦੇ ਅਹੁਦੇਦਾਰਾਂ ਨੇ ਭੁੱਲਰ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੂੰ ਕਿਤਾਬਾਂ ਦਾ ਸੈੱਟ ਦਿੱਤਾ। ਇਸ ਮੌਕੇ ਸੂਚਨਾ ਅਧਿਕਾਰੀ ਸ. ਜਸਵਿੰਦਰ ਜੱਸੀ, ਸ. ਅੰਮ੍ਰਿਤਪਾਲ ਸਿੰਘ, ਏ.ਸੀ.ਪੀ.ਐਸ ਕੰਵਲਜੀਤ ਸਿੰਘ ਮੰਡ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।













