ਚੰਡੀਗੜ੍ਹ : – ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿੱਚ ਸਹੁੰ ਚੁੱਕਣਗੇ। ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਨਾਲ ਖਟਕੜਕਲਾਂ ਦਾ ਨਾਂ ਇਕ ਵਾਰ ਫਿਰ ਕੌਮਾਂਤਰੀ ਮੰਚ ‘ਤੇ ਚਮਕਿਆ ਹੈ।
ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਇਕ ਸਮੇਂ ‘ਚ 17 ਕੈਬਨਿਟ ਮੰਤਰੀਆਂ ਨੂੰ ਸਹੁੰ ਚੁੱਕਣ ਦੇ ਹੱਕ ‘ਚ ਨਹੀਂ ਹੈ। ਉਨ੍ਹਾਂ ਨਾਲ ਸਹੁੰ ਚੁੱਕਣ ਵਾਲੇ ਕਰੀਬ ਛੇ ਮੰਤਰੀ ਹੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ, ਕੁੱਝ ਮੰਤਰੀ ਵੀ ਭਗਵੰਤ ਮਾਨ ਦੇ ਨਾਲ ਸਹੁੰ ਚੁੱਕਣਗੇ। ਪਰ ਹੁਣ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ, ਇਕੱਲੇ ਭਗਵੰਤ ਮਾਨ ਹੀ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ।
ਸਹੁੰ ਚੁੱਕ ਸਮਾਗਮ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ਦੇ ਨਾਲ ਕੀਤੀਆਂ ਜਾ ਰਹੀਆਂ ਹਨ। ਭਰੋਸੇਯੋਗ ਸੂਤਰਾਂ ਨੇ ਇਹ ਦੱਸਿਆ ਹੈ ਕਿ, ਭਗਵੰਤ ਮਾਨ 16 ਮਾਰਚ ਨੂੰ ਖਟਕੜ ਕਲਾਂ ਵਿਖੇ ਅਤੇ ਬਾਕੀ ਦੇ ਮੰਤਰੀ 19 ਮਾਰਚ ਨੂੰ ਰਾਜ ਭਵਨ ਵਿਖੇ ਸਹੁੰ ਚੁੱਕਣਗੇ। ਪੰਜਾਬ ਦੇ ਨਵੇਂ ਮੰਤਰੀ ਮੰਡਲ ਦੇ ਗਠਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਭਵਿੱਖ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝੇ ਹੋਏ ਹਨ। ਪਾਰਟੀ ਸੂਤਰਾਂ ਅਨੁਸਾਰ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਮੰਤਰੀ ਮੰਡਲ ਸਬੰਧੀ ਜਲਦਬਾਜ਼ੀ ਵਿੱਚ ਕੋਈ ਫੈਸਲਾ ਨਹੀਂ ਲੈਣਾ ਚਾਹੁੰਦੀ।












