ਚੰਡੀਗੜ੍ਹ ਪ੍ਰਸ਼ਾਸਨ ਨੇ 1 ਜੂਨ ਨੂੰ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਠੇਕਿਆਂ ਸਮੇਤ ਸਾਰੀਆਂ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਤਾਂ ਜੋ ਹਰ ਕੋਈ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ। ਦੁਕਾਨ ‘ਤੇ ਜਾਣ ਕਾਰਨ ਕਿਸੇ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਦੱਸ ਦਈਏ ਕਿ ਪ੍ਰਸ਼ਾਸਨ ਨੂੰ ਚੋਣ ਕਮਿਸ਼ਨ ਵੱਲੋਂ ਚੋਣਾਂ ਸਬੰਧੀ ਪੱਤਰ ਪ੍ਰਾਪਤ ਹੋਇਆ ਹੈ। ਇਸ ਪੱਤਰ ਤੋਂ ਬਾਅਦ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਰਾਕੇਸ਼ ਵਰਮਾ ਦੀ ਤਰਫੋਂ ਪੰਜਾਬ ਸ਼ਾਪ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਐਕਟ 1958 ਤਹਿਤ ਇਹ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਸਾਰੇ ਦਫ਼ਤਰ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਸਨ।

ਇਸ ਵਾਰ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਇਕੱਠੇ ਚੋਣ ਲੜ ਰਹੀਆਂ ਹਨ। ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਸੀਟ ਕਾਂਗਰਸ ਲਈ ਛੱਡ ਦਿੱਤੀ ਹੈ। ਪਰ ਕਾਂਗਰਸ ਨੇ ਅਜੇ ਤੱਕ ਆਪਣੇ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
ਇਸ ਦੇ ਨਾਲ ਹੀ ਇਹ ਤੈਅ ਨਹੀਂ ਹੈ ਕਿ ਭਾਜਪਾ ਆਪਣੇ ਉਮੀਦਵਾਰ ਵਜੋਂ ਕਿਸ ਨੂੰ ਮੈਦਾਨ ਵਿੱਚ ਉਤਾਰੇਗੀ। ਜਦਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਤੋਂ ਵੱਖ ਹੋ ਕੇ ਚੋਣ ਲੜ ਰਿਹਾ ਹੈ। ਉਨ੍ਹਾਂ ਵੱਲੋਂ ਹਰਦੀਪ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਹ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇਕਲੌਤੇ ਕੌਂਸਲਰ ਵੀ ਹਨ।