ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਦੀ ਇਕ ਪ੍ਰਾਈਵੇਟ ਯੂਨੀਵਰਸਿਟੀ ਵਿਚ ਲੜਕੀਆਂ ਦੀ ਨਹਾਉਂਦਿਆਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਹੁਕਮ ਮੁਹਾਲੀ ਦੇ ਐਸ ਐਸ ਪੀ ਤੇ ਡੀ ਸੀ ਨੂੰ ਜਾਰੀ ਕੀਤੇ ਹਨ। ਉਹਨਾਂ ਖੁਦ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਨਸਾਫ ਦਾ ਭਰੋਸਾ ਦੁਆਉਂਦੇ ਹਨ। ਉਹਨਾਂ ਕਿਹਾ ਕਿ ਮਾਮਲੇ ਦੇ ਕਿਸੇ ਵੀ ਦੋਸ਼ੀ ਨੁੰ ਬਖਸ਼ਿਆ ਨਹੀਂ ਜਾਵੇਗਾ।
ਜ਼ਿਕਰਯੋਗ ਹੈ ਕਿ ਨਿੱਜੀ ਯੂਨੀਵਰਸਿਟੀ ‘ਚ ਦੇਰ ਰਾਤ 2.30 ਵਜੇ ਹੰਗਾਮਾ ਹੋ ਗਿਆ।ਲੜਕੀਆਂ ਦੇ ਹੋਸਟਲ ‘ਚ ਇਕ ਵਿਦਿਆਰਥਣ ਨੇ ਕੁੜੀਆਂ ਦੀ ਅਸ਼ਲੀਲ ਵੀਡੀਓ ਬਣਾ ਕੇ ਇਕ ਨੌਜਵਾਨ ਨੂੰ ਭੇਜ ਦਿੱਤੀ। ਨੌਜਵਾਨ ਨੇ ਵੀਡੀਓ ਬਣਾ ਕੇ ਇੰਟਰਨੈੱਟ ਮੀਡੀਆ ‘ਤੇ ਵਾਇਰਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦਾ ਪਤਾ ਲੱਗਣ ‘ਤੇ ਹੋਸਟਲ ‘ਚ ਜ਼ਬਰਦਸਤ ਹੰਗਾਮਾ ਹੋਇਆ। ਇਸ ਮਾਮਲੇ ‘ਚ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਬਿਆਨ ਵੀ ਸਾਹਮਣੇ ਆਇਆ ਹੈ ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਉਹ ਸ਼ਾਂਤ ਰਹਿਣ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।












