ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀਆਂ ਨੇ ਅਹੁਦਾ ਸੰਭਾਲਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਨਵੇਂ ਮਾਈਨਿੰਗ, ਕਾਨੂੰਨ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਸਖ਼ਤ ਮਿਹਨਤ ਕਰਨਗੇ। ਇੱਕ ਪੈਸਾ ਵੀ ਭ੍ਰਿਸ਼ਟਾਚਾਰ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਕੱਲ੍ਹ ਸਾਰੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ ਗਈ ਸੀ।
ਇਸ ਦੇ ਨਾਲ ਹੀ ਪੰਜਾਬ ਸਿਵਲ ਸਕੱਤਰੇਤ ਵਿੱਚ ਦਫ਼ਤਰ ਵੀ ਅਲਾਟ ਕਰ ਦਿੱਤੇ ਗਏ ਹਨ। ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਦਫ਼ਤਰੀ ਕੰਮਾਂ ਲਈ ਸਟਾਫ਼ ਵੀ ਉਪਲਬਧ ਕਰਵਾਇਆ ਗਿਆ ਹੈ। ਪੰਜਾਬ ਸਰਕਾਰ ਵਿੱਚ ਇਸ ਵਾਰ ਸਾਰੇ 10 ਵਿਧਾਇਕ ਪਹਿਲੀ ਵਾਰ ਮੰਤਰੀ ਬਣੇ ਹਨ। ਇਸ ਦੇ ਨਾਲ ਹੀ 8 ਅਜਿਹੇ ਮੰਤਰੀ ਹਨ, ਜੋ ਪਹਿਲੀ ਵਾਰ ਵਿਧਾਇਕ ਚੁਣ ਕੇ ਆਏ ਹਨ।












