ਨਵੀਂ ਦਿੱਲੀ, 16 ਜੂਨ: ਟਿਊਸ਼ਨ ਪੜ੍ਹ ਕੇ ਵਾਪਸ ਆ ਰਹੇ 10ਵੀਂ ਕਲਾਸ ਦੇ ਵਿਦਿਆਰਥੀ ਉਤੇ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਵਿੱਚ ਇਕ ਵਿਅਕਤੀ ਨੇ 10ਵੀਂ ਦੇ ਵਿਦਿਆਰਥੀ ਉਤੇ ਪੈਟਰੋਲ ਛਿੜਕੇ ਉਸ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਵਿੱਚ ਪੀੜਤ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਪੁਲਿਸ ਮੁਤਾਬਕ ਇਹ ਘਟਨਾ ਆਂਧਰਾ ਪ੍ਰਦੇਸ਼ ਦੇ ਬਾਪਟਲਾ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ ਅਰੋਪੀ ਨੇ ਵਿਦਿਆਰਥੀ ਉਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਇਸ ਘਟਨਾ ਵਿੱਚ ਵਿਦਿਆਰਥੀ ਦੀ ਮੌਤ ਹੋ ਗਈ। ਪੁਲਿਸ ਵੱਲੋਂ ਕੀਤੀ ਗਈ ਮੁਢਲੀ ਜਾਂਚ ਵਿੱਚ ਆਰੋਪੀ ਦੀ ਪਹਿਚਾਣ ਵੇਂਕਟੇਸ਼ਵਰ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਆਰੋਪੀ ਵੇਂਕੇਟੇਸ਼ਵਰ ਪੀੜਤ ਦੀ ਭੈਣ ਨੂੰ ਪ੍ਰੇਸ਼ਾਨ ਕਰਦਾ ਸੀ। ਪੀੜਤ ਵਿਦਿਆਰਥੀ ਨੇ ਅਜਿਹਾ ਨਾ ਕਰਨ ਤੋਂ ਰੋਕਿਆ ਸੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।












