ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਅੱਜ ਮੁਲਾਕਾਤ ਕੀਤੀ ਇਸ ਦੇ ਨਾਲ ਹੀ ਭਗਵੰਤ ਮਾਨ ਨੇ ਸੰਜੇ ਸਿੰਘ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਇਸ ਦੌਰਾਨ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਵੀ ਮੌਜੂਦ ਸਨ। ਸੰਜੇ ਸਿੰਘ ਨੇ ਮਣੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਖਿਲਾਫ ਆਵਾਜ਼ ਉਠਾਈ, ਜਿਸ ਤੋਂ ਬਾਅਦ ਸੰਜੇ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਦੱਸ ਦਈਏ ਕਿ ਮਣੀਪੁਰ ਹਿੰਸਾ ‘ਤੇ ਵੀਰਵਾਰ ਨੂੰ ਵੀ ਸੰਸਦ ਦੇ ਦੋਵਾਂ ਸਦਨਾਂ ‘ਚ ਕਾਫੀ ਹੰਗਾਮਾ ਹੋਇਆ। ਲੋਕ ਸਭਾ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਅੱਜ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਵੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰ ਮਨੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਦੇ ਬਿਆਨ ਦੀ ਮੰਗ ‘ਤੇ ਅੜੀ ਹੋਈ ਹੈ ਅਤੇ ਸਰਕਾਰ ਵਿਰੋਧੀ ਧਿਰ ‘ਤੇ ਸਿਆਸਤ ਖੇਡਣ ਦਾ ਦੋਸ਼ ਲਗਾ ਰਹੀ ਹੈ। ਖੜਗੇ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਸੰਸਦ ਦਾ ਅਪਮਾਨ ਕਰ ਰਹੇ ਹਨ।













