ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਹ ਪ੍ਰਕਿਰਿਆ 30 ਸਤੰਬਰ ਤੱਕ ਜਾਰੀ ਰਹੇਗੀ। ਨਾਮਜ਼ਦਗੀਆਂ ਦੀ ਪੜਤਾਲ 1 ਅਕਤੂਬਰ ਨੂੰ ਕੀਤੀ ਜਾਵੇਗੀ ਅਤੇ ਉਸੇ ਦਿਨ ਯੋਗ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 8 ਅਕਤੂਬਰ ਹੈ। ਜੇਕਰ ਇੱਕ ਤੋਂ ਵੱਧ ਕਾਂਗਰਸੀ ਆਗੂ ਨਾਮਜ਼ਦਗੀ ਪੱਤਰ ਦਾਖਲ ਕਰਦੇ ਹਨ ਤਾਂ 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 19 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ।
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨਗੇ। ਨਾਲ ਹੀ ਕਿਹਾ ਕਿ ਰਾਜਸਥਾਨ ਦੇ ਮੁੱਖ ਮੰਤਰੀ ਦਾ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ। ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਿਲਣ ਆਏ ਗਹਿਲੋਤ ਨੇ ਕਿਹਾ ਕਿ ਉਹ ਜਲਦ ਹੀ ਆਪਣੀ ਨਾਮਜ਼ਦਗੀ ਦੀ ਤਰੀਕ ਤੈਅ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਵਿਰੋਧੀ ਧਿਰ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ।
ਦੱਸ ਦਈਏ ਕਿ ਹੁਣ ਕਾਂਗਰਸ ਪ੍ਰਧਾਨ ਦੀ ਚੋਣ ਲਈ ਉਮੀਦਵਾਰਾਂ ਦੀ ਗਿਣਤੀ ਵਧਦੀ ਨਜ਼ਰ ਆ ਰਹੀ ਹੈ। ਪਹਿਲਾਂ ਸ਼ਸ਼ੀ ਥਰੂਰ ਅਤੇ ਅਸ਼ੋਕ ਗਹਿਲੋਤ ਦੇ ਨਾਂ ਸਾਹਮਣੇ ਆ ਰਹੇ ਸਨ ਪਰ ਹੁਣ ਮੱਧ ਪ੍ਰਦੇਸ਼ ਦੇ ਸਾਬਕਾ ਸੀਐਮ ਦਿਗਵਿਜੇ ਸਿੰਘ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੀ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਸੀਐਮ ਦਿਗਵਿਜੇ ਸਿੰਘ ਨੇ ਵੀ ਮੀਡੀਆ ਨਾਲ ਗੱਲਬਾਤ ਵਿੱਚ ਖੁਦ ਨੂੰ ਦਾਅਵੇਦਾਰ ਦੱਸਿਆ ਸੀ।












