ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਆਲਮਬਾਗ ਦੀ ਪੁਰਾਣੀ ਰੇਲਵੇ ਕਲੋਨੀ ਵਿੱਚ ਇੱਕ ਮਕਾਨ ਡਿੱਗ ਗਿਆ। ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ।
ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਨੇ ਮ੍ਰਿਤਕਾਂ ਦੀ ਪਛਾਣ ਸਤੀਸ਼ ਚੰਦਰ (40), ਸਰੋਜਨੀ ਦੇਵੀ (35), ਹਰਸ਼ਿਤ (13), ਹਰਸ਼ਿਤਾ (10) ਅਤੇ ਅੰਸ਼ (5) ਵਜੋਂ ਕੀਤੀ ਹੈ।
ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਤੁਰੰਤ ਰਾਹਤ ਕਾਰਜਾਂ ਦੇ ਨਿਰਦੇਸ਼ ਦਿੱਤੇ ਹਨ। ਘਟਨਾ ਦਾ ਨੋਟਿਸ ਲੈਂਦਿਆਂ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਤੁਰੰਤ ਸਥਾਨਕ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਹ ਰੇਲਵੇ ਹਾਊਸ ਬਹੁਤ ਪੁਰਾਣਾ ਸੀ। ਮਲਬੇ ਨੂੰ ਤੁਰੰਤ ਹਟਾਇਆ ਜਾ ਰਿਹਾ ਹੈ। ਉਪ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੀੜਤ ਪਰਿਵਾਰ ਦੇ ਬਾਕੀ ਮੈਂਬਰਾ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।