ਬੀਤੇ ਸ਼ੁੱਕਰਵਾਰ ਨੂੰ ਪਾਕਿਸਤਾਨ ‘ਚ ਨਿਗਰਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਵਾਧਾ ਕੀਤਾ ਹੈ। ਪੈਟਰੋਲ ਦੀ ਕੀਮਤ ਪਾਕਿਸਤਾਨੀ ਰੁਪਏ 26.02 ਵਧ ਕੇ 331.38 ਰੁਪਏ ਹੋ ਗਈ ਹੈ। ਜਦਕਿ ਹਾਈ ਸਪੀਡ ਡੀਜ਼ਲ 17.34 ਰੁਪਏ ਵਧ ਕੇ ਪਾਕਿਸਤਾਨੀ ਰੁਪਏ 329.18 ਹੋ ਗਿਆ ਹੈ। ਪਾਕਿਸਤਾਨ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 330 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈਆਂ ਹਨ।
ਦੱਸ ਦਈਏ ਕਿ ਪਿਛਲੇ ਇੱਕ ਮਹੀਨੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 58.43 ਰੁਪਏ ਅਤੇ 55.83 ਰੁਪਏ ਦਾ ਵਾਧਾ ਹੋਇਆ ਹੈ। ਅਗਸਤ ਵਿੱਚ ਮਹਿੰਗਾਈ ਦਰ 27.4% ਤੋਂ ਵੱਧ ਵਧੀ ਹੈ, ਜਿਸ ਤੋਂ ਬਾਅਦ ਪੈਟਰੋਲੀਅਮ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਆਮ ਕੀਮਤਾਂ ਵਿੱਚ ਵੀ ਵਾਧਾ ਹੋਣ ਦੀ ਸੰਭਾਵਨਾ ਹੈ। ਵਿੱਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕੇਅਰਟੇਕਰ ਪੀਐਮ ਕੱਕੜ ਦੀ ਮਨਜ਼ੂਰੀ ਤੋਂ ਬਾਅਦ ਨਵੀਆਂ ਕੀਮਤਾਂ ਦਾ ਐਲਾਨ ਕੀਤਾ।
ਪੈਟਰੋਲ ਦੀ ਵਰਤੋਂ ਜ਼ਿਆਦਾਤਰ ਪ੍ਰਾਈਵੇਟ ਟਰਾਂਸਪੋਰਟ ਅਤੇ ਛੋਟੇ ਵਾਹਨਾਂ ਲਈ ਕੀਤੀ ਜਾਂਦੀ ਹੈ। ਇਸ ਕਰਕੇ ਕੀਮਤਾਂ ‘ਚ ਵਾਧੇ ਦਾ ਸਿੱਧਾ ਅਸਰ ਪਾਕਿਸਤਾਨ ਦੇ ਮੱਧ ਵਰਗ ਅਤੇ ਹੇਠਲੇ ਵਰਗ ਦੇ ਲੋਕਾਂ ‘ਤੇ ਪਵੇਗਾ। ਇਸ ਦੇ ਨਾਲ ਹੀ ਟਰਾਂਸਪੋਰਟ, ਟਰੇਨਾਂ, ਟਰੱਕਾਂ, ਬੱਸਾਂ ਵਿੱਚ ਵਰਤੇ ਜਾਣ ਵਾਲੇ ਵਾਹਨਾਂ ਵਿੱਚ ਡੀਜ਼ਲ ਦੀ ਵਰਤੋਂ ਕੀਤੀ ਜਾਂਦੀ ਹੈ।
ਪਾਕਿਸਤਾਨ ਦੀ ਸਰਕਾਰ ਨੇ ਕਿਹਾ ਹੈ ਕਿ ਦੇਸ਼ ‘ਚ ਪੈਟਰੋਲ ਦੀਆਂ ਕੀਮਤਾਂ ਵਧਣ ਦਾ ਕਾਰਨ ਕੌਮਾਂਤਰੀ ਪੱਧਰ ‘ਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਹਨ। ਪਾਕਿਸਤਾਨ ‘ਚ 15 ਅਗਸਤ ਤੋਂ ਬਾਅਦ ਦੂਜੀ ਵਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਪਾਕਿਸਤਾਨ ਦੀ ਮਹਿੰਗਾਈ ਦਰ ਅਗਸਤ ਵਿੱਚ ਵਧ ਕੇ 27.4% ਹੋ ਗਈ।