ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ ਬਲਾਤਕਾਰ-ਕਤਲ ਮਾਮਲੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਮਮਤਾ ਨੇ ਪੀਐਮ ਨੂੰ ਲਿਖਿਆ ਕਿ ਦੇਸ਼ ਵਿੱਚ ਹਰ ਰੋਜ਼ ਬਲਾਤਕਾਰ ਦੇ 90 ਮਾਮਲੇ ਸਾਹਮਣੇ ਆਉਂਦੇ ਹਨ। ਇਸ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਜਾਣੇ ਚਾਹੀਦੇ ਹਨ।
ਇਸ ਦੌਰਾਨ ਸਿਆਲਦਾਹ ਕੋਰਟ ਨੇ ਸੀਬੀਆਈ ਨੂੰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦਾ ਪੋਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ।
9 ਅਗਸਤ ਨੂੰ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਮੁੱਖ ਦੋਸ਼ੀ ਸੰਜੇ ਰਾਏ ਨੂੰ ਗ੍ਰਿਫਤਾਰ ਕਰ ਲਿਆ ਹੈ। ਦੇਸ਼ ਭਰ ਦੇ ਡਾਕਟਰ ਇਸ ਦਾ ਵਿਰੋਧ ਕਰ ਰਹੇ ਹਨ।
ਦੱਸ ਦਈਏ ਪੱਛਮੀ ਬੰਗਾਲ ਦੇ ਸੀਐਮ ਨੇ ਮੋਦੀ ਨੂੰ ਲਿਖਿਆ- ਮੌਜੂਦਾ ਅੰਕੜੇ ਦੱਸਦੇ ਹਨ ਕਿ ਦੇਸ਼ ਵਿੱਚ ਹਰ ਰੋਜ਼ 90 ਬਲਾਤਕਾਰ ਦੇ ਮਾਮਲੇ ਹੋ ਰਹੇ ਹਨ। ਜ਼ਿਆਦਾਤਰ ਮਾਮਲਿਆਂ ਵਿੱਚ ਬਲਾਤਕਾਰ ਪੀੜਤਾ ਦਾ ਕਤਲ ਕਰ ਦਿੱਤਾ ਜਾਂਦਾ ਹੈ। ਇਹ ਰੁਝਾਨ ਡਰਾਉਣਾ ਹੈ। ਇਸ ਨਾਲ ਸਮਾਜ ਅਤੇ ਦੇਸ਼ ਦਾ ਭਰੋਸਾ ਅਤੇ ਜ਼ਮੀਰ ਹਿੱਲ ਜਾਂਦਾ ਹੈ। ਔਰਤਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਸਾਡਾ ਫਰਜ਼ ਹੈ।
ਇਸ ਦੇ ਲਈ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਕੋਈ ਸਖ਼ਤ ਕਾਨੂੰਨ ਬਣਾਏ, ਜਿਸ ਵਿੱਚ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਵੇ। ਅਜਿਹੇ ਕੇਸਾਂ ਦੀ ਸੁਣਵਾਈ ਫਾਸਟ ਟਰੈਕ ਅਦਾਲਤਾਂ ਵਿੱਚ ਹੋਣੀ ਚਾਹੀਦੀ ਹੈ। ਪੀੜਤ ਨੂੰ ਜਲਦੀ ਇਨਸਾਫ਼ ਦਿਵਾਉਣ ਲਈ ਜ਼ਰੂਰੀ ਹੈ ਕਿ 15 ਦਿਨਾਂ ਦੇ ਅੰਦਰ ਮੁਕੱਦਮੇ ਦੀ ਸੁਣਵਾਈ ਪੂਰੀ ਕੀਤੀ ਜਾਵੇ।











