ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਸ਼ੁੱਕਰਵਾਰ ਨੂੰ ਵੀ ਕਾਫੀ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਕੁਝ ਦੇਰ ਲਈ ਵੀ ਸੰਸਦ ਦੀ ਕਾਰਵਾਈ ਨਹੀਂ ਚੱਲ ਸਕੀ। ਇਸ ਤੋਂ ਪਹਿਲਾਂ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਸੰਸਦ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਦੁਬਾਰਾ ਕਾਰਵਾਈ ਸ਼ੁਰੂ ਹੁੰਦੇ ਹੀ ਹੰਗਾਮਾ ਫਿਰ ਸ਼ੁਰੂ ਹੋ ਗਿਆ। ਇਸ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ, “ਬੀਤੇ ਦਿਨ ਮੇਰੇ ਖਿਲਾਫ ਸੰਸਦ ‘ਚ ਹੰਗਾਮਾ ਹੋਇਆ, ਪਰ ਮੈਨੂੰ ਜਵਾਬ ਦੇਣ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਜੋ ਵਿਵਾਦ ਹੋ ਰਿਹਾ ਹੈ, ਮੈਂ ਉਸ ਦੇ ਕੇਂਦਰ ਵਿੱਚ ਹਾਂ। ਇਸ ਦੇ ਬਾਵਜੂਦ ਭਾਜਪਾ ਸੋਨੀਆ ਗਾਂਧੀ ‘ਤੇ ਹਮਲੇ ਕਰ ਰਹੀ ਹੈ। ਉਨ੍ਹਾਂ ਕਿਹਾ, ਮੈਂ ਸੰਸਦ ‘ਚ ਆਪਣਾ ਜਵਾਬ ਦੇਣ ਦਾ ਮੌਕਾ ਮੰਗਿਆ ਹੈ।
ਦੱਸ ਦਈਏ ਕਿ ਲੋਕ ਸਭਾ ‘ਚ ਚੌਧਰੀ ਦੀ ਟਿੱਪਣੀ ਨੂੰ ਲੈ ਕੇ ਆਲੋਚਨਾ ਕਰਨ ਵਾਲੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਸ਼ੁੱਕਰਵਾਰ ਸਵੇਰੇ ਰਾਸ਼ਟਰਪਤੀ ਭਵਨ ਪਹੁੰਚੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। । ਇੱਥੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਡਾ: ਮਹਿੰਦਰ ਮੁੰਜਪਾਰਾ ਅਤੇ ਜੌਹਨ ਬਾਰਲਾ ਵੀ ਮੌਜੂਦ ਸਨ। ਕਾਂਗਰਸੀ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਵੀ ਵੀਰਵਾਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ। ਅਧੀਰ ਨੇ ਕਿਹਾ ਸੀ- ਮੈਂ ਰਾਸ਼ਟਰਪਤੀ ਤੋਂ ਮੁਆਫੀ ਮੰਗਾਂਗਾ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਹੁਣ ਤੱਕ ਸਮਾਂ ਨਹੀਂ ਦਿੱਤਾ ਗਿਆ ਹੈ।












