ਦਿੱਲੀ ਸ਼ਰਾਬ ਘੁਟਾਲੇ ਵਿੱਚ 17 ਮਹੀਨਿਆਂ ਬਾਅਦ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਦੇਸ਼ ਦੀ ਸਰਵਉੱਚ ਅਦਾਲਤ ਯਾਨੀ ਸੁਪਰੀਮ ਕੋਰਟ ਨੇ ਆਖਰਕਾਰ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਜਸ਼ਨ ਮਨਾ ਰਹੀ ਹੈ। ਉਸ ਨੂੰ 10 ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਮਿਲ ਗਈ ਹੈ। ਖ਼ਬਰ ਹੈ ਕਿ ਸਿਸੋਦੀਆ ਅੱਜ ਸ਼ਾਮ ਹੀ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਸਿਸੋਦੀਆ ‘ਤੇ ਆਬਕਾਰੀ ਨੀਤੀ ‘ਚ ਬੇਨਿਯਮੀਆਂ ਦਾ ਦੋਸ਼ ਹੈ।
ਅੱਜ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ ਪਰ ਇਸ ਵਿੱਚ ਕੁਝ ਸ਼ਰਤਾਂ ਹਨ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਸਿਸੋਦੀਆ ਨੂੰ ਆਪਣਾ ਪਾਸਪੋਰਟ ਸਰੰਡਰ ਕਰਨਾ ਹੋਵੇਗਾ, ਜਿਸ ਦਾ ਮਤਲਬ ਹੈ ਕਿ ਸਿਸੋਦੀਆ ਦੇਸ਼ ਨਹੀਂ ਛੱਡ ਸਕਦੇ। ਮਨੀਸ਼ ਸਿਸੋਦੀਆ ਨੂੰ ਹਰ ਸੋਮਵਾਰ ਥਾਣੇ ‘ਚ ਪੇਸ਼ ਹੋਣਾ ਹੋਵੇਗਾ। ਦੱਸ ਦੇਈਏ ਕਿ ਸਿਸੋਦੀਆ ਨੂੰ ਕਰੀਬ 17 ਮਹੀਨੇ ਜੇਲ੍ਹ ਵਿੱਚ ਰਹਿਣਾ ਪਿਆ ਸੀ। ਹਾਲਾਂਕਿ ਪਤਨੀ ਦੀ ਖਰਾਬ ਸਿਹਤ ਕਾਰਨ ਉਸ ਨੂੰ ਵਿਚਕਾਰ ਹੀ ਪੈਰੋਲ ਮਿਲ ਗਈ ਸੀ।











