ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਐਤਵਾਰ ਨੂੰ ਆਪਣੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਕਰ ਲਏ ਹਨ। ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਮੋਦੀ ਸਰਕਾਰ 2029 ਤੱਕ ਦੇਸ਼ ਵਿੱਚ ਲੋਕ ਸਭਾ ਦੇ ਨਾਲ ਵਿਧਾਨ ਸਭਾ ਚੋਣਾਂ ਵੀ ਕਰਵਾ ਸਕਦੀ ਹੈ, ਯਾਨੀ ‘ਵਨ ਨੇਸ਼ਨ ਵਨ ਇਲੈਕਸ਼ਨ’। ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਵੀ ਇਸ ਦਾ ਜ਼ਿਕਰ ਹੈ।
ਦੱਸ ਦਈਏ 15 ਅਗਸਤ ਨੂੰ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਤੋਂ ਦਿੱਤੇ ਆਪਣੇ ਭਾਸ਼ਣ ‘ਚ ਪ੍ਰਧਾਨ ਮੰਤਰੀ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੀ ਵਕਾਲਤ ਵੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਲਗਾਤਾਰ ਚੋਣਾਂ ਦੇਸ਼ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰ ਰਹੀਆਂ ਹਨ।ਵਨ ਨੇਸ਼ਨ ਵਨ ਇਲੈਕਸ਼ਨ ‘ਤੇ ਵਿਚਾਰ ਕਰਨ ਲਈ ਬਣਾਈ ਗਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ 14 ਮਾਰਚ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ। ਰਿਪੋਰਟ 18 ਹਜ਼ਾਰ 626 ਪੰਨਿਆਂ ਦੀ ਹੈ।
ਜ਼ਿਕਰਯੋਗ ਹੈ ਪੈਨਲ ਦਾ ਗਠਨ 2 ਸਤੰਬਰ 2023 ਨੂੰ ਕੀਤਾ ਗਿਆ ਸੀ। ਇਹ ਰਿਪੋਰਟ ਹਿੱਸੇਦਾਰਾਂ-ਮਾਹਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ 191 ਦਿਨਾਂ ਦੀ ਖੋਜ ਦਾ ਨਤੀਜਾ ਹੈ। ਕਮੇਟੀ ਨੇ ਸਾਰੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ 2029 ਤੱਕ ਵਧਾਉਣ ਦਾ ਸੁਝਾਅ ਦਿੱਤਾ ਹੈ।