ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਅਧਿਕਾਰਤ ਤੌਰ ‘ਤੇ ਭਾਰਤ ਨੂੰ ਆਪਣੀਆਂ ਫੌਜਾਂ ਨੂੰ ਵਾਪਸ ਬੁਲਾਉਣ ਲਈ 15 ਮਾਰਚ ਤੱਕ ਦਾ ਸਮਾਂ ਦਿੱਤਾ ਹੈ। ਮਾਲਦੀਵ ਦੇ ਰਾਸ਼ਟਰਪਤੀ ਦਫਤਰ ਦੇ ਬੁਲਾਰੇ ਅਬਦੁੱਲਾ ਨਜ਼ੀਮ ਇਬਰਾਹਿਮ ਨੇ ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਸੈਨਿਕ ਮਾਲਦੀਵ ਵਿੱਚ ਨਹੀਂ ਰਹਿ ਸਕਦੇ। ਇਹ ਰਾਸ਼ਟਰਪਤੀ ਮੁਈਜ਼ੂ ਅਤੇ ਉਸਦੀ ਸਰਕਾਰ ਦੀ ਨੀਤੀ ਹੈ।
ਦੱਸ ਦਈਏ ਕਿ ਮਾਲਦੀਵ ਮੀਡੀਆ ਨੇ ਉਥੋਂ ਦੀ ਸਰਕਾਰ ਦੇ ਹਵਾਲੇ ਨਾਲ ਕਿਹਾ ਕਿ ਇਸ ਸਮੇਂ ਮਾਲਦੀਵ ‘ਚ 88 ਭਾਰਤੀ ਫੌਜੀ ਮੌਜੂਦ ਹਨ। ਦੋਵਾਂ ਦੇਸ਼ਾਂ ਵਿਚਾਲੇ ਫੌਜਾਂ ਦੀ ਵਾਪਸੀ ਨੂੰ ਲੈ ਕੇ ਚਰਚਾ ਕਰਨ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਨੇ ਐਤਵਾਰ ਨੂੰ ਮਾਲਦੀਵ ਦੇ ਵਿਦੇਸ਼ ਮੰਤਰਾਲੇ ਨਾਲ ਆਪਣੀ ਪਹਿਲੀ ਬੈਠਕ ਕੀਤੀ।
ਇਸ ਮੀਟਿੰਗ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਮੁਨੂ ਮਹਾਵਰ ਵੀ ਮੌਜੂਦ ਸਨ।ਅਜੇ ਤੱਕ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ। ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਸੀਓਪੀ28 ਵਿੱਚ ਕਿਹਾ ਸੀ ਕਿ ਭਾਰਤ ਸਰਕਾਰ ਨੇ ਮਾਲਦੀਵ ਵਿੱਚ ਮੌਜੂਦ ਆਪਣੀਆਂ ਫੌਜਾਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ।
ਰਾਸ਼ਟਰਪਤੀ ਮੁਈਜ਼ੂ ਨੇ ਕਿਹਾ ਸੀ ਕਿ ਇਸ ਮੁੱਦੇ ‘ਤੇ ਭਾਰਤ ਸਰਕਾਰ ਨਾਲ ਗੱਲਬਾਤ ਹੋਈ ਹੈ। ਭਾਰਤ ਫੌਜਾਂ ਨੂੰ ਵਾਪਸ ਬੁਲਾਉਣ ਲਈ ਤਿਆਰ ਹੋ ਗਿਆ ਹੈ। ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਉੱਚ ਪੱਧਰੀ ਕਮੇਟੀ ਗਠਿਤ ਕਰਨ ਲਈ ਵੀ ਸਹਿਮਤੀ ਬਣੀ ਹੈ।












