ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲੇ ਦੇ ਬਸੰਤਗੜ੍ਹ ਦੇ ਉਪਰਲੇ ਇਲਾਕਿਆਂ ‘ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ਮੁਕਾਬਲੇ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਸੁਰੱਖਿਆ ਬਲਾਂ ਵੱਲੋਂ ਅਜੇ ਵੀ ਅੱਤਵਾਦੀਆਂ ਖਿਲਾਫ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜੰਮੂ-ਕਸ਼ਮੀਰ ਚੋਣਾਂ ਤੋਂ ਪਹਿਲਾਂ ਘਾਟੀ ‘ਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਉਦੋਂ ਹੋਇਆ ਜਦੋਂ ਫੌਜ ਅਤੇ ਪੁਲਿਸ ਦੀ ਇੱਕ ਸਾਂਝੀ ਟੀਮ ਅੱਤਵਾਦੀਆਂ ਦੇ ਇੱਕ ਸਮੂਹ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਖੰਡਰਾ ਟਾਪ ਵੱਲ ਵਧੀ। ਉਨ੍ਹਾਂ ਦੱਸਿਆ ਕਿ ਇਲਾਕੇ ‘ਚ ਲੁਕੇ ਹੋਏ ਅੱਤਵਾਦੀਆਂ ਨੇ ਰਾਤ ਕਰੀਬ 12.50 ਵਜੇ ਤਲਾਸ਼ੀ ਟੀਮ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਜੰਗਲੀ ਖੇਤਰ ਵਿੱਚ ਵਾਧੂ ਬਲ ਭੇਜੇ ਗਏ ਹਨ।