ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਨਾਹਨ ਅਧੀਨ ਗਤਲੋਗ ਨੇੜੇ ਮ੍ਰਿਤਕ ਦੇਹ ਨੂੰ ਪਿੰਡ ਲੈ ਕੇ ਜਾ ਰਹੀ ਇੱਕ ਪਿਕਅੱਪ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਡਰਾਈਵਰ ਸਮੇਤ 9 ਵਿਅਕਤੀ ਜ਼ਖਮੀ ਹੋਏ ਹਨ।
ਜਾਣਕਾਰੀ ਮੁਤਾਬਕ, ਅਰਲੂ ਪਿੰਡ ਦੇ ਰਹਿਣ ਵਾਲੇ ਜਗਦੀਸ਼ ਸ਼ਰਮਾ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਸੰਗਰਾਹ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਪਿੰਡ ਲਿਜਾਣ ਵਾਸਤੇ ਪਿਕਅੱਪ ਗੱਡੀ ਵਿੱਚ ਰਵਾਨਾ ਹੋਏ।
ਜਦੋਂ ਗੱਡੀ ਗਤਲੋਗ ਨੇੜੇ ਪਹੁੰਚੀ ਤਾਂ ਅਚਾਨਕ ਡਰਾਈਵਰ ਦਾ ਵਾਹਨ ਤੋਂ ਕਾਬੂ ਛੁੱਟ ਗਿਆ। ਪਿਕਅੱਪ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਰਾਜਿੰਦਰ (37), ਦੇਸ ਰਾਜ (23), ਰਿਖੀ ਰਾਮ (58) ਅਤੇ ਰਾਮ ਗੋਪਾਲ (62) ਵਜੋਂ ਹੋਈ ਹੈ। ਸਾਰੇ ਮ੍ਰਿਤਕ ਅਰਲੂ ਪਿੰਡ ਨਾਲ ਸਬੰਧਤ ਦੱਸੇ ਜਾ ਰਹੇ ਹਨ।
ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਸੰਗਰਾਹ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਹੋਣ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਮੈਡੀਕਲ ਕਾਲਜ ਨਾਹਨ ਰੈਫਰ ਕਰ ਦਿੱਤਾ ਗਿਆ। ਬਾਕੀ ਜ਼ਖਮੀਆਂ ਦਾ ਇਲਾਜ ਸੰਗਰਾਹ ਹਸਪਤਾਲ ਵਿੱਚ ਜਾਰੀ ਹੈ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਹਾਦਸੇ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।












