ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਵੱਡੀ ਕਮੀ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਕਰੀਬ 15-20 ਮਿੰਟ ਤੱਕ ਫਲਾਈਓਵਰ ‘ਤੇ ਰੁਕਣਾ ਪਿਆ। ਜਿੱਥੇ ਪ੍ਰਦਰਸ਼ਨਕਾਰੀਆਂ ਨੇ ਜਾਮ ਲਗਾ ਦਿੱਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਰੈਲੀ ਵਿੱਚ ਜਾਣ ਦੀ ਬਜਾਏ ਵਾਪਸ ਪਰਤ ਗਏ।
ਗ੍ਰਹਿ ਮੰਤਰਾਲੇ ਮੁਤਾਬਕ ਮੋਦੀ ਦਾ ਕਾਫਲਾ ਹੁਸੈਨੀਵਾਲਾ ਸਥਿਤ ਰਾਸ਼ਟਰੀ ਸਮਾਰਕ ਤੋਂ 30 ਕਿਲੋਮੀਟਰ ਪਹਿਲਾਂ ਫਲਾਈਓਵਰ ‘ਤੇ ਪਹੁੰਚਿਆ। ਉੱਥੇ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ ਸੀ। ਜਿਸ ਕਾਰਨ ਪੀਐੱਮ ਉੱਥੇ ਹੀ ਫਸੇ ਰਹੇ। ਇਹ ਵੀ ਪਤਾ ਲੱਗਾ ਹੈ ਕਿ ਪੀਐਮ ਮੋਦੀ ਦੇ ਸੜਕ ਤੋਂ ਲੰਘਣ ਤੋਂ ਪਹਿਲਾਂ ਪੰਜਾਬ ਪੁਲਿਸ ਤੋਂ ਮਨਜ਼ੂਰੀ ਲਈ ਗਈ ਸੀ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਵੱਲੋਂ ਰਸਤੇ ਵਿੱਚ ਜਾਮ ਲਗਾ ਦਿੱਤਾ ਗਿਆ।
ਗ੍ਰਹਿ ਮੰਤਰਾਲੇ ਮੁਤਾਬਕ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਸੜਕ ਤੋਂ ਲੰਘਣ ਸਮੇਂ ਵਾਧੂ ਸੁਰੱਖਿਆ ਹੋਣੀ ਚਾਹੀਦੀ ਸੀ ਪਰ ਇੱਥੇ ਅਜਿਹਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਕਾਰਨ ਪੀਐਮ ਨੂੰ ਬਠਿੰਡਾ ਪਰਤਣਾ ਪਿਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਇਸ ਨੂੰ ਸੁਰੱਖਿਆ ਦੀ ਗੰਭੀਰ ਘਾਟ ਕਰਾਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਤੋਂ ਵਿਸਥਾਰਤ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੂੰ ਇਸ ਮਾਮਲੇ ਵਿੱਚ ਜ਼ਿੰਮੇਵਾਰੀ ਤੈਅ ਕਰਕੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।












