ਦਿੱਲੀ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਾਇਰ ਦੋਵੇਂ ਪਟੀਸ਼ਨਾ ਰੱਦ ਕਰ ਦਿੱਤੀਆਂ ਹਨ ਕਿਉਂਕਿ ਸਿਰਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਦਾ ਮੈਂਬਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ।
ਦੋਵਾਂ ਪਟੀਸ਼ਨਾਂ ਦੀ ਸੁਣਵਾਈ ਦਿੱਲੀ ਹਾਈ ਕੋਰਟ ਦੇ ਜਸਟਿਸ ਪ੍ਰਤੀਕ ਜਲਾਨ ਦੇ ਬੈਂਚ ਅੱਗੇ ਹੋਈ। ਸਿਰਸਾ ਤੇ ਸ਼੍ਰੋਮਣੀ ਕਮੇਟੀ ਨੇ ਡਾਇਰੈਕਟਰ ਗੁਰਦੁਆਰਾ ਚੋਣਾਂ ਦਿੱਲੀ ਦੇ ਉਸ ਹੁਕਮ ਨੁੰ ਚੁਣੌਤੀ ਦਿੱਤੀ ਸੀ ਜਿਸ ਵਿਚ ਉਹਨਾਂ ਕਿਹਾ ਸੀ ਕਿ ਸਿਰਸਾ ਦਿੱਲੀ ਕਮੇਟੀ ਦੇ ਮੈਂਬਰ ਬਣਨ ਦੇ ਯੋਗ ਨਹੀਂ ਹਨ ਕਿਉਂਕਿ ਉਹ ਗੁਰਮੁਖੀ ਟੈਸਟ ਵਿਚ ਫੇਲ੍ਹ ਹੋ ਗਏ ਹਨ। ਸਿਰਸਾ ਨੇ ਕੁਝ ਦਿਨ ਪਹਿਲਾਂ ਪ੍ਰਧਾਨ ਵਜੋਂ ਅਸਤੀਫਾ ਦੇ ਦਿੱਤਾ ਸੀ ਤੇ ਐਲਾਨ ਕੀਤਾ ਸੀ ਕਿ ਉਹ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਅੰਦਰੂਨੀ ਚੋਣਾਂ ਨਹੀਂ ਲੜਨਗੇ। 9 ਦਸੰਬਰ ਨੂੰ ਹਾਈ ਕੋਰਟ ਵਿਚ ਉਹਨਾਂ ਦੀ ਪਟੀਸ਼ਨ ‘ਤੇ ਸੁਣਵਾਈ ਵੇਲੇ ਸਿਰਸਾ ਨੇ ਮੈਂਬਰ ਬਣਨ ਤੋਂ ਨਾਂਹ ਕਰ ਦਿੱਤੀ ਜਿਸ ਮਗਰੋਂ ਹਾਈ ਕੋਰਟ ਨੇ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ।