ਵਿਧਾਨ ਸਭਾ ਚੋਣਾਂ ਦੇ ਚੱਲਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਰਗਰਮੀ ਵਧਾ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਚੰਡੀਗੜ੍ਹ ਦੇ 9 ਸੈਕਟਰ ਵਿਚ ਆਪਣੀ ਨਵੀਂ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦਫ਼ਤਰ 24 ਘੰਟੇ ਖੁੱਲ੍ਹਾ ਰਹੇਗਾ। ਲੋਕਾਂ ਨਾਲ ਰਾਬਤਾ ਕਰਨ ਲਈ ਬਕਾਇਦਾ ਪਹਿਲਾਂ ਹੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਹੁਣ ਜ਼ਿਲ੍ਹਾ ਪੱਧਰੀ ਗਰੁੱਪ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਗਲੱਬਾਤ ਚੱਲ ਰਹੀ ਹੈ। ਚੋਣਾਂ ਨੂੰ ਲੈ ਕੇ ਕਿਸੇ ਦੇ ਮਨ ਵਿਚ ਕੋਈ ਸ਼ਿਕਾਇਤ ਨਹੀਂ ਹੋਣੀ ਚਾਹੀਦੀ। ਅਸੀਂ ਉਨ੍ਹਾਂ ਨੂੰ ਹੀ ਟਿਕਟ ਦੇਵਾਂਗੇ ਜਿਨ੍ਹਾਂ ਨੂੰ ਤਜ਼ਰਬਾ ਹੋਵੇਗਾ।
ਮੁੱਖ ਮੰਤਰੀ ਚਿਹਰੇ ’ਤੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਇਸ ਦਾ ਫ਼ੈਸਲਾ ਤਿੰਨੇ ਪਾਰਟੀਆਂ ਇਕੱਠਿਆਂ ਬੈਠ ਕੇ ਲੈਣਗੀਆਂ, ਉਹ ਇਕੱਲੇ ਇਸ ’ਤੇ ਕੁੱਝ ਨਹੀਂ ਆਖ ਸਕਦੇ।ਚੰਨੀ ਸਰਕਾਰ ਦੇ ਇਸ਼ਤਿਹਾਰਾਂ ’ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਐਲਾਨ ਕਰ ਰਹੇ ਹਨ ਜਦਕਿ ਥੋੜ੍ਹੇ ਸਮੇਂ ਬਾਅਦ ਹੀ ਚੋਣ ਜ਼ਾਬਤਾ ਲੱਗ ਜਾਵੇਗਾ। ਇਸ ਲਈ ਮੈਨੂੰ ਪੰਜਾਬ ਸਰਕਾਰ ਦੇ ਇਸ਼ਤਿਹਾਰਾਂ ’ਤੇ ਹਾਸਾ ਆਉਂਦਾ ਹੈ। ਕਾਂਗਰਸ ਸਰਕਾਰ ਹੁਣ ਮਹਿਜ਼ ਡਰਾਮਾ ਬਣ ਕੇ ਰਹਿ ਗਈ ਹੈ। ਜਦਕਿ ਮੈਂ ਆਪਣੇ ਕਾਰਜਕਾਲ ਵਿਚ 92 ਫ਼ੀਸਦੀ ਵਾਅਦੇ ਪੂਰੇ ਕੀਤੇ। ਮੁੱਖ ਮੰਤਰੀ ਰਹਿੰਦਿਆਂ ਮੈਂ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ’ਤੇ ਕਾਰਵਾਈ ਕੀਤੀ ਪਰ ਬਾਕੀ ਕੰਮ ਕਾਨੂੰਨ ਦਾ ਹੈ ਅਤੇ ਉਹ ਜੱਜਾਂ ਦੇ ਕੰਮ ਵਿਚ ਦਖ਼ਲ ਨਹੀਂ ਦੇ ਸਕਦੇ ਹਨ। ਨਵਜੋਤ ਸਿੱਧੂ ਵਲੋਂ ਪਾਕਿਸਤਾਨ ਨਾਲ ਵਪਾਰ ਖੋਲ੍ਹੇ ਜਾਣ ਦੀ ਮੰਗ ’ਤੇ ਕੈਪਟਨ ਨੇ ਕਿਹਾ ਕਿ ਪਾਕਿਸਤਾਨ ਨੂੰ ਪਹਿਲਾਂ ਸਾਡੇ ਜਵਾਨਾਂ ’ਤੇ ਗੋਲੀ ਚਲਾਉਣੀ ਬੰਦ ਕਰਨੀ ਚਾਹੀਦੀ ਹੈ ਫਿਰ ਹੀ ਪਾਕਿਸਤਾਨ ਨਾਲ ਵਪਾਰ ਸ਼ੁਰੂ ਕਰਨ ਬਾਰੇ ਸੋਚਿਆ ਜਾਣਾ ਚਾਹੀਦਾ ਹੈ।