ਚੰਡੀਗੜ੍ਹ, 17 ਫਰਵਰੀ 2022 – ਡੇਰਾ ਸੱਚਾ ਸੌਦਾ ਮੁਖੀ ਨੂੰ ਮਿਲੀ 21 ਦਿਨਾਂ ਦੀ ਫਰਲੋ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ, ਜਿਸ ’ਤੇ ਅੱਜ ਸੁਣਵਾਈ ਹੋਣੀ ਹੈ। ਪਟਿਆਲਾ ਦੇ ਪਰਮਜੀਤ ਸਿੰਘ ਸਹੌਲੀ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਬੀਐਸ ਵਾਲੀਆ ਦੀ ਬੈਂਚ ਵਿੱਚ ਹੋਣੀ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰਮੀਤ ਰਾਮ ਰਹੀਮ ਨੂੰ ਇਹ ਰਾਹਤ ਦਿੱਤੀ ਗਈ ਹੈ, ਪਰ ਇਹ ਰਾਹਤ ਵਿਧਾਨ ਸਭਾ ਚੋਣਾਂ ਦੀ ਨਿਰਪੱਖਤਾ ਲਈ ਵੱਡਾ ਖਤਰਾ ਹੈ।
ਮਾਮਲੇ ਵਿੱਚ ਹਰਿਆਣਾ ਸਰਕਾਰ ਸਮੇਤ ਹੋਰਨਾਂ ਨੂੰ ਧਿਰ ਬਣਾਇਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਅਜਿਹੇ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਇਹ ਰਾਹਤ ਨਹੀਂ ਦਿੱਤੀ ਜਾਣੀ ਚਾਹੀਦੀ ਸੀ। ਪਟੀਸ਼ਨਕਰਤਾ ਨੇ ਆਪਣੇ ਆਪ ਨੂੰ ਅਕਾਲੀ ਦਲ ਸੁਤੰਤਰ ਦਾ ਕੌਮੀ ਮੁਖੀ ਦੱਸਿਆ ਹੈ। ਮੰਗ ਕੀਤੀ ਗਈ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇਣ ਦੇ ਫੈਸਲੇ ਨੂੰ ਰੱਦ ਕੀਤਾ ਜਾਵੇ। ਗੁਰਮੀਤ ਰਾਮ ਰਹੀਮ ਨੂੰ ਮੁੜ ਸੁਨਾਰੀਆ ਜੇਲ੍ਹ ਵਿੱਚ ਡੱਕਿਆ ਜਾਵੇ। ਇਸ ਫਰਲੋ ਆਰਡਰ ਨੂੰ ਗੈਰ-ਕਾਨੂੰਨੀ, ਬੇਲੋੜਾ ਦੱਸਿਆ ਗਿਆ ਹੈ।












