ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜੀ-20 ਦਾ ਸੁਨੇਹਾ ਦਿੱਤਾ ਜਾਵੇਗਾ। ਅਧਿਆਪਕ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਖੁਦ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕਰਨਗੇ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਦੀ ਲਾਇਬ੍ਰੇਰੀ ਵਿੱਚ ਜੀ-20 ਨਾਲ ਸਬੰਧਤ ਜਾਣਕਾਰੀ ਵੀ ਪ੍ਰਦਰਸ਼ਿਤ ਕੀਤੀ ਜਾਵੇਗੀ। ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸਕੂਲ ਮੁਖੀਆਂ ਦੀ ਅਹਿਮ ਭੂਮਿਕਾ ਹੋਵੇਗੀ।
ਇਸ ਤੋਂ ਇਲਾਵਾ ਵਿਭਾਗ ਦੀਆਂ ਟੀਮਾਂ ਵੀ ਅਚਨਚੇਤ ਦੌਰਾ ਕਰਕੇ ਇਨ੍ਹਾਂ ਚੀਜ਼ਾਂ ਦਾ ਜਾਇਜ਼ਾ ਲੈਣਗੀਆਂ।ਭਾਰਤ ਪਹਿਲੀ ਵਾਰ 1 ਦਸੰਬਰ 2022 ਤੋਂ 30 ਨਵੰਬਰ 2023 ਤੱਕ ਜੀ-20 ਦੀ ਪ੍ਰਧਾਨਗੀ ਕਰੇਗਾ। ਇਸ ਦੌਰਾਨ 200 ਤੋਂ ਵੱਧ ਮੀਟਿੰਗਾਂ ਕੀਤੀਆਂ ਜਾਣਗੀਆਂ। ਜੀ-20 ਦੀ ਪ੍ਰਧਾਨਗੀ ਭਾਰਤ ਦੇ ਅੰਮ੍ਰਿਤ ਕਾਲ ਦਾ ਪ੍ਰਤੀਕ ਹੈ। ਇਹ ਅੰਮ੍ਰਿਤਕਾਲ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੋਂ ਸ਼ੁਰੂ ਹੋ ਕੇ ਆਜ਼ਾਦੀ ਦੇ 100ਵੇਂ ਵਰ੍ਹੇ ਤੱਕ ਦਾ ਦੌਰ ਹੈ।
ਸਿੱਖਿਆ ਮੰਤਰਾਲੇ ਵੱਲੋਂ ਇੱਕ ਵਿਸ਼ੇਸ਼ ਨੋਟ ਤਿਆਰ ਕੀਤਾ ਗਿਆ ਹੈ ਜੋ ਰਾਜ ਦੇ ਸਿੱਖਿਆ ਵਿਭਾਗ ਨੂੰ ਭੇਜਿਆ ਗਿਆ ਹੈ। ਹਾਲਾਂਕਿ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੇ ਗਏ ਨੋਟ ਵਿੱਚ ਹਰ ਜ਼ਰੂਰੀ ਚੀਜ਼ ਨੂੰ ਆਕਰਸ਼ਕ ਤਰੀਕੇ ਨਾਲ ਪ੍ਰਦਰਸ਼ਿਤ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀ ਇਸ ਨੂੰ ਇੱਕ ਨਜ਼ਰ ਨਾਲ ਸਮਝ ਸਕਣ।












