ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨਸਭਾ ਸੈਸ਼ਨ ਦੀ ਕਾਰਵਾਈ ਦੌਰਾਨ ਜ਼ਬਰਦਤ ਹੰਗਾਮਾ ਹੋਇਆ। ਇਸ ਬਾਰੇ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਇਹ ਨਹੀਂ ਕਹਿ ਰਹੇ ਕਿ ਸਰਕਾਰ ਨੇ ਸਿੱਧੂ ਮੂਸੇਵਾਲਾ ਮਰਵਾ ਦਿੱਤਾ ਤਾਂ ਇਸ ਗੱਲ ‘ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁੱਸੇ ‘ਚ ਆ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਮੂਸੇਵਾਲਾ ਦੇ ਕਤਲ ਲਈ ਕਿਸੇ ਦਾ ਨਾਂ ਨਹੀਂ ਲਿਆ, ਜਦੋਂ ਕਿ ਮੰਤਰੀ ਧਾਲੀਵਾਲ ਨੇ ਰਾਜਾ ਵੜਿੰਗ ਨੂੰ ਆਪਣੇ ਸ਼ਬਦ ਵਾਪਸ ਲੈਣ ਲਈ ਕਿਹਾ।
ਸਦਨ ‘ਚ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਕਈ ਲੋਕ ਇਸ ਮਾਮਲੇ ‘ਚ ਫੜੇ ਗਏ ਹਨ ਪਰ ਇਨਸਾਫ ਅਜੇ ਪੂਰੀ ਤਰ੍ਹਾਂ ਨਹੀਂ ਮਿਲਿਆ ਹੈ। ਜਿਨ੍ਹਾਂ ਲੋਕਾਂ ਨੂੰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਮਜ਼ਦ ਕਰਨ ਦੀ ਗੱਲ ਕਰ ਰਹੇ ਹਨ, ਉਨ੍ਹਾਂ ਲੋਕਾਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਦੇ ਕਲੇਜੇ ਨੂੰ ਠੰਡ ਪਾਈ ਜਾਵੇ। ਇਸ ਦੌਰਾਨ ਇੰਨਾ ਜ਼ਿਆਦਾ ਹੰਗਾਮਾ ਹੋ ਗਿਆ ਕਿ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ। ਰਾਜਾ ਵੜਿੰਗ ਵੱਲੋਂ ਹੋਲੇ ਮਹੱਲੇ ਦੌਰਾਨ ਨੌਜਵਾਨ ਦੇ ਹੋਏ ਕਤਲ ਦਾ ਮੁੱਦਾ ਵੀ ਚੁੱਕਿਆ ਗਿਆ।












