ਫਿਰੋਜ਼ਪੁਰ, 14 ਮਈ 2024 – ਫ਼ਿਰੋਜ਼ਪੁਰ ਵਿੱਚ 14 ਸਾਲਾ ਨਾਬਾਲਗ ਬੱਚੇ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੌਜਵਾਨ ਨੂੰ ਘਰੋਂ ਬੁਲਾ ਕੇ ਆਪਣੇ ਨਾਲ ਲੈ ਗਿਆ। ਨਾਬਾਲਗ ਆਪਣੇ ਘਰ ਤੋਂ ਕੁਝ ਦੂਰੀ ‘ਤੇ ਹੀ ਪਿਆ ਮਿਲਿਆ ਸੀ। ਜਿਸ ਦੇ ਸਿਰ ‘ਚ ਗੰਭੀਰ ਸੱਟ ਲੱਗੀ ਸੀ ਅਤੇ ਖੂਨ ਵਹਿ ਰਿਹਾ ਸੀ। ਨਾਬਾਲਗ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਜੇ ਤੱਕ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਥਾਣਾ ਘੱਲਖੁਰਦ ਨੂੰ ਦਿੱਤੇ ਬਿਆਨਾਂ ‘ਚ ਮ੍ਰਿਤਕ 14 ਸਾਲਾ ਨੌਜਵਾਨ ਸਹਿਜਪ੍ਰੀਤ ਸਿੰਘ ਵਾਸੀ ਵਾਰਡ ਨੰਬਰ 5 ਗਿੱਲ ਰੋਡ, ਮੁੱਦਕੀ ਫ਼ਿਰੋਜ਼ਪੁਰ ਦੇ ਪਿਤਾ ਲਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਸ਼ਾਮ ਸਾਢੇ 6 ਵਜੇ ਸਹਿਜਪ੍ਰੀਤ ਘਰ ‘ਚ ਖਾਣਾ ਖਾ ਰਿਹਾ ਸੀ। ਜਦੋਂ ਮੁਲਜ਼ਮ ਜਸਪਾਲ ਸਿੰਘ ਘਰੋਂ ਬਾਹਰ ਆਇਆ ਤਾਂ ਸਹਿਜਪ੍ਰੀਤ ਨੂੰ ਬੁਲਾ ਕੇ ਆਪਣੇ ਨਾਲ ਲੈ ਗਿਆ।
ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਲੜਕਾ ਘਰ ਤੋਂ ਕੁਝ ਦੂਰੀ ‘ਤੇ ਡਿੱਗਿਆ ਪਿਆ ਸੀ। ਇਸ ਤੋਂ ਬਾਅਦ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਲੜਕੇ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਸੀ ਅਤੇ ਉਸ ਦਾ ਖੂਨ ਵਹਿ ਰਿਹਾ ਸੀ, ਜਿਸ ਕਾਰਨ ਉਸ ਨੂੰ ਗੰਭੀਰ ਹਾਲਤ ‘ਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਲਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸਹਿਜਪ੍ਰੀਤ ਸਿੰਘ ਕੁਝ ਸਮਾਂ ਪਹਿਲਾਂ ਜਸਪਾਲ ਸਿੰਘ ਨਾਲ ਮਜ਼ਦੂਰੀ ਕਰਨ ਜਾਂਦਾ ਸੀ, ਜਿਸ ਕਾਰਨ ਸ਼ਾਇਦ ਜਸਪਾਲ ਸਿੰਘ ਨੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ ਸੀ।
ਘੱਲਖੁਰਦ ਥਾਣਾ ਇੰਚਾਰਜ ਜਸਵਿੰਦਰ ਕੌਰ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਜਸਪਾਲ ਸਿੰਘ ਪੁੱਤਰ ਜਗਰੂਪ ਸਿੰਘ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਗਿਲ ਰੋਡ ਮੁੱਦਕੀ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












